ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਵਿਸ਼ੇਸ਼ ਮੁਲਾਕਾਤ

252
ਡਾ. ਐੱਸ.ਪੀ. ਓਬਰਾਏ ਨਾਲ ਮੁਲਾਕਾਤ ਦੌਰਾਨ ਇਕ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਉਪ ਮੁੱਖ ਮੰਤਰੀ ਓ.ਪੀ. ਸੋਨੀ ਤੇ ਡਾ. ਰਾਜ ਕੁਮਾਰ ਵੇਰਕਾ।
Share

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ. ਚੰਨੀ ਨੇ ਡਾ. ਓਬਰਾਏ ਦੁਆਰਾ ਲੋੜਵੰਦਾਂ ਦੀ ਬਿਹਤਰੀ ਲਈ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਪੱਖ ਤੋਂ ਸਹਿਯੋਗ ਦਿੱਤਾ ਜਾਵੇਗਾ।
ਇਸ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਆਦਿ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਡਾ. ਐੱਸ.ਪੀ. ਸਿੰਘ ਓਬਰਾਏ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ’ਚ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਬਹੁਤ ਸਾਰੀਆਂ ਕੀਮਤੀ ਜਾਨਾਂ ਬਲੱਡ ਮਨੀ ਦੇ ਕੇ ਬਚਾਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਸਪਤਾਲ, ਲੈਬਾਰਟਰੀਆਂ, ਅਨਾਥ ਅਤੇ ਜ਼ਰੂਰਤਮੰਦ ਬੱਚਿਆਂ ਲਈ ਸਕੂਲ, ਵਿਧਵਾ ਪੈਨਸ਼ਨਾਂ ਅਤੇ ਹੋਰ ਜ਼ਰੂਰਤਮੰਦਾਂ ਦੀ ਵੱਧ-ਚੜ੍ਹ ਕੇ ਮਦਦ ਕੀਤੀ ਹੈ। ਡਾ. ਐੱਸ.ਪੀ. ਸਿੰਘ ਓਬਰਾਏ ਨੇ ਕਿਸਾਨ ਅੰਦੋਲਨ ’ਚ ਵੀ ਪਹਿਲੇ ਦਿਨ ਤੋਂ ਆਪਣਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਪਣੇ ਕੋਲੋਂ ਪੈਨਸ਼ਨਾਂ ਵੀ ਲਾਈਆਂ ਗਈਆਂ ਹਨ।
ਵੱਖ-ਵੱਖ ਰਾਜਨੀਤਿਕ ਪਾਰਟੀਆਂ ਡਾ. ਐੱਸ.ਪੀ. ਸਿੰਘ ਓਬਰਾਏ ਨਾਲ ਮੁਲਾਕਾਤਾਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਰਾਜਨੀਤੀ ਵਿਚ ਆਉਣ ਲਈ ਸੱਦਾ ਦੇ ਰਹੀਆਂ ਹਨ। ਪਰ ਫਿਲਹਾਲ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕਹਿਣਾ ਹੈ ਕਿ ਉਹ ਰਾਜਨੀਤੀ ਤੋਂ ਦੂਰ ਰਹਿਣਗੇ।

Share