#PUNJAB

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਸਰਾਭਾ (ਲੁਧਿਆਣਾ), 16 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦੀ ਸਥਾਪਨਾਂ ਦੀਆਂ ਸੰਭਾਵਨਾ ਵੀ ਤਲਾਸ਼ਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।