#PUNJAB

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਭਲਾਈ ਸਕੀਮਾਂ ਦਾ ਜਾਇਜ਼ਾ

ਚੰਡੀਗੜ੍ਹ, 7 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕਰਕੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ। ਅੱਜ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਕਾਸ ਪ੍ਰਾਜੈਕਟਾਂ ਲਈ ਜਾਰੀ ਕੀਤੇ ਫੰਡਾਂ ਨੂੰ 31 ਮਾਰਚ 2024 ਤੱਕ ਖਰਚ ਕਰਕੇ ਸਾਰੇ ਪ੍ਰਾਜੈਕਟ ਮੁਕੰਮਲ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਨਹਿਰੀ ਵਿਭਾਗ ਤੇ ਪੀਡਬਲਿਊਡੀ ਵਿਭਾਗ ਨੇ ਦੇਰੀ ਨਾਲ ਫੰਡ ਜਾਰੀ ਹੋਣ ਦਾ ਮੁੱਦਾ ਚੁੱਕਿਆ। ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਫੰਡਾਂ ਦੀ ਜਾਣਕਾਰੀ ਦੇਰੀ ਨਾਲ ਮਿਲਣ ਕਰਕੇ ਟੇਲਾਂ ਤੇ ਨਹਿਰਾਂ ਦੀ ਸਫਾਈ ਦਾ ਕੰਮ ਸਮੇਂ ਸਿਰ ਮੁਕੰਮਲ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਦੋਵੇਂ ਵਿਭਾਗਾਂ ਦੇ ਫੰਡਾਂ ਦੀ ਜਾਣਕਾਰੀ ਪਹਿਲਾਂ ਦੇਣ ਦੀ ਗੱਲ ਆਖੀ।