ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਅੰਦੋਲਨ ਛੱਡ ਸੂਬੇ ‘ਚ ਪਾਣੀ ਬਚਾਉਣ ਦੀ ਅਪੀਲ

41
ਮੁਹਾਲੀ ਪੁਲਿਸ ਵੱਲੋਂ ਕੀਤੀ ਗਈ ਦੂਜੀ ਬੈਰੀਕੇਡਿੰਗ ਨੂੰ ਤੋੜ ਕੇ ਅੱਗੇ ਵੱਧਣ ਦੀ ਜੱਦੋ-ਜਹਿਦ ਕਰਦੇ ਹੋਏ ਕਿਸਾਨ।
Share

-ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ : ਭਗਵੰਤ ਮਾਨ
ਚੰਡੀਗੜ੍ਹ, 18 ਮਈ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ 23 ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਪੱਕਾ ਮੋਰਚਾ ਲਗਾਉਣ ਦੇ ਕੀਤੇ ਐਲਾਨ ਤਹਿਤ ਹਜ਼ਾਰਾਂ ਕਿਸਾਨ ਆਪਣੇ ਨਾਲ ਰਾਸ਼ਨ-ਪਾਣੀ ਲੈ ਕੇ ਟਰੈਕਟਰ-ਟਰਾਲੀਆਂ, ਕਾਰਾਂ ਤੇ ਬੱਸਾਂ ‘ਤੇ ਸਵਾਰ ਹੋ ਕੇ ਸਥਾਨਕ ਫੇਜ਼-8 ਵਿਚਲੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਮੌਕੇ ਕਿਸਾਨ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਜਾਂ ਤਾਂ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਂ ਫਿਰ ਉਹ ਚੰਡੀਗੜ੍ਹ ‘ਚ ਪੱਕਾ ਮੋਰਚਾ ਲਗਾਉਣਗੇ, ਜੋ ਕਿ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ।

ਮੁੱਖ ਮੰਤਰੀ ਭਗਵੰਤ ਮਾਨ।

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੁਹਾਲੀ-ਚੰਡੀਗੜ੍ਹ ਦੀ ਹੱਦ ‘ਤੇ ਸ਼ੁਰੂ ਕੀਤੇ ਅੰਦੋਲਨ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅੰਦੋਲਨ ਛੱਡ ਕੇ ਸੂਬੇ ‘ਚ ਪਾਣੀ ਬਚਾਉਣ ਲਈ ਅਪੀਲ ਕੀਤੀ ਹੈ ਅਤੇ ਕਿਸਾਨ ਜਥੇਬੰਦੀਆਂ ਤੋਂ ਸਹਿਯੋਗ ਲਈ ਮੰਗ ਕਰਦਿਆਂ ਕਿਹਾ ਕਿ ਮੈਨੂੰ 10 ਤੇ 18 ਜੂਨ ਦੇ ਫ਼ਰਕ ਦਾ ਪਤਾ ਹੈ, ਕਿਉਂਕਿ ਮੈਂ ਖੁਦ ਇਕ ਕਿਸਾਨ ਦਾ ਪੁੱਤ ਹਾਂ ਤੇ ਕਿਸਾਨੀ ਨਾਲ ਜੁੜਿਆ ਹੋਇਆ ਹਾਂ। ਮੁੱਖ ਮੰਤਰੀ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਕਿ ਝੋਨੇ ਦੀ ਬਿਜਾਈ ਲਈ ਉਲੀਕੇ ਪੜਾਅਵਾਰ ਪ੍ਰੋਗਰਾਮ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਸਗੋਂ ਇਹ ਉਪਰਾਲਾ ਸੂਬੇ ‘ਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਹੁਤ ਹੀ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਸਾਫ਼ ਤੌਰ ‘ਤੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਪ੍ਰਤੀ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਨੂੰ ਤੋੜ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਤੇ ਪੰਜਾਬੀਆਂ ਦੀ ਬਿਹਤਰੀ ਲਈ ਇਸ ਨੇਕ ਕਾਰਜ ਵਾਸਤੇ ਅੱਗੇ ਆ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਪਾਸੋਂ ਇਕ ਸਾਲ ਤੱਕ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਵੀ ਹੈ, ਤਾਂ ਸੂਬਾ ਸਰਕਾਰ ਉਸ ਦੀ ਭਰਪਾਈ ਕਰੇਗੀ। ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨੂੰ ਇਹ ਵੀ ਸਵਾਲ ਕੀਤਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਨਾੜ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਅੱਗ ਲੱਗਣ ਕਾਰਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ, ਤਾਂ ਉਨ੍ਹਾਂ ਨੇ ਉਸ ਵੇਲੇ ਚੁੱਪ ਕਿਉਂ ਵੱਟੀ ਰੱਖੀ?
ਇਸ ਮੌਕੇ ਮੁਹਾਲੀ ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਸਿੰਘੂ ਬਾਰਡਰ ਦੀ ਤਰਜ਼ ‘ਤੇ ਕਿਸਾਨਾਂ ਦਾ ਚੰਡੀਗੜ੍ਹ ਵਿਚ ਦਾਖ਼ਲਾ ਰੋਕਣ ਲਈ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਚੰਡੀਗੜ੍ਹ-ਮੁਹਾਲੀ ਬਾਰਡਰ ਤੋਂ ਵਾਈ.ਪੀ.ਐਸ. ਚੌਕ ਤੱਕ 3 ਲੇਅਰ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ।


Share