#PUNJAB

ਮੁੱਖ ਮੰਤਰੀ ਵੱਲੋਂ ਐਨ.ਆਰ.ਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ 9464100168 ਦੀ ਸ਼ੁਰੂਆਤ

ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ
ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ

ਚੰਡੀਗੜ੍ਹ, 21 ਅਪ੍ਰੈਲ (ਪੰਜਾਬ ਮੇਲ)- ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ।
ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।
ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।

Leave a comment