#PUNJAB

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸੁਰੂ ਕਰਨ ਦਾ ਐਲਾਨ

ਧੋਖੇਬਾਜ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜਾ ਦਿੱਤਾ ਜਾਵੇਗਾ
ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ
ਚੰਡੀਗੜ੍ਹ, 29 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਸੁਰੂ ਕਰ ਦਿੱਤੀ ਹੈ ਤਾਂ ਕਿ ਇਸ ਨੂੰ ਵੇਚ ਕੇ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਸਕੇ।
ਇਸ ਸਬੰਧੀ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਕਰੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲਿ੍ਹਆਂ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸਨਾਖਤ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਹਾਸਲ ਕਰਨ ਲਈ ਕਾਨੂੰਨੀ ਕਾਰਵਾਈ ਵੀ ਸੁਰੂ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਲ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚ ਜਾਂ ਖਰੀਦ ਨਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸਤਾ ਨੂੰ ਯਕੀਨੀ ਬਣਾਉਣ ਲਈ ਜਮੀਨੀ ਪੱਧਰ ‘ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜਬਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।

 

 

Leave a comment