#Featured

ਮੂਸੇਵਾਲਾ ਕਤਲਕਾਂਡ: ਬਿਸ਼ਨੋਈ ਨੂੰ ਸੱਤ ਮਹੀਨਿਆਂ ਬਾਅਦ ਵੀ ਚਾਰਜਸ਼ੀਟ ਦੀ ਕਾਪੀ ਨਹੀਂ ਮਿਲੀ

* ਜੁਡੀਸ਼ਲ ਮੈਜਿਸਟਰੇਟ ਵੱਲੋਂ ਬਿਸ਼ਨੋਈ ਸਣੇ ਹੋਰ ਮੁਲਜ਼ਮਾਂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ
ਮਾਨਸਾ, 30 ਮਾਰਚ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕਰਨ ਦੇ 7 ਮਹੀਨਿਆਂ ਬਾਅਦ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਾਲੇ ਤੱਕ ਇਸ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਗਈਆਂ ਹਨ। ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਮੁਕੱਦਮੇ ਦੀ ਸੁਣਵਾਈ ‘ਚ ਤੇਜ਼ੀ ਲਿਆਉਣ ਲਈ ਫਾਸਟ ਟਰੈਕ ਅਦਾਲਤ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ।
ਅਦਾਲਤੀ ਰਿਕਾਰਡ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਚਾਰਜਸ਼ੀਟ ਦਾਇਰ ਹੋਣ ਮਗਰੋਂ ਬਿਸ਼ਨੋਈ ਨੂੰ ਵਾਰ-ਵਾਰ ਤਲਬ ਕੀਤੇ ਜਾਣ ਦੇ ਬਾਵਜੂਦ 21 ਸੁਣਵਾਈਆਂ ‘ਚੋਂ ਸਿਰਫ਼ ਇਕ ਵਾਰ 14 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਨਸਾ ਦੇ ਪੁਲਿਸ ਮੁਖੀ ਦਾ ਕਹਿਣਾ ਹੈ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਚਲਾਨ ਦੀਆਂ ਕਾਪੀਆਂ ਦੀ ਸਪਲਾਈ ਸਬੰਧੀ ਜੇਲ੍ਹ ਸੁਪਰਡੈਂਟ ਵੱਲੋਂ ਕੋਈ ਪੱਤਰ-ਵਿਹਾਰ ਪ੍ਰਾਪਤ ਨਹੀਂ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵਿਚ ਜੁਡੀਸ਼ਲ ਮੈਜਿਸਟਰੇਟ ਅਤੁਲ ਕੰਬੋਜ ਦੀ ਅਦਾਲਤ ਨੇ ਮੰਗਲਵਾਰ ਨੂੰ ਮੁੜ ਹੁਕਮ ਦਿੱਤਾ ਹੈ ਕਿ ਲਾਰੈਂਸ ਬਿਸ਼ਨੋਈ ਸਮੇਤ ਹੋਰ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ 11 ਅਪ੍ਰੈਲ ਲਈ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੁਪਰਡੈਂਟ ਜੇਲ੍ਹ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਸਰੀਰਕ ਤੌਰ ‘ਤੇ ਜਾਂ ਵਰਚੁਅਲ ਮੋਡ ਰਾਹੀਂ ਪੇਸ਼ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਬੀਤੇ ਦਿਨ ਸਿਰਫ਼ ਤਿੰਨ ਜਣੇ ਹੀ ਅਦਾਲਤ ‘ਚ ਪੇਸ਼ ਹੋਏ ਸਨ।

ਕੇਸ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤ ਬਣਾਈ ਜਾਵੇ: ਬਲਕੌਰ ਸਿੰਘ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਉਨ੍ਹਾਂ ਦੇ ਪੁੱਤਰ ਦੇ ਕਤਲ ਕੇਸ ਦੀ ਜਲਦੀ ਸੁਣਵਾਈ ਲਈ ਫਾਸਟ ਟਰੈਕ ਬਣਾਉਣ ਲਈ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਹੁਣ ਤੱਕ 31 ਮੁਲਜ਼ਮਾਂ ਖ਼ਿਲਾਫ਼ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਹਨ। ਸਿਟ ਨੇ 26 ਅਗਸਤ, 2022 ਨੂੰ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 24 ਦੋਸ਼ੀਆਂ ਖਿਲਾਫ 1850 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ, ਜਦਕਿ 7 ਮੁਲਜ਼ਮਾਂ ਖ਼ਿਲਾਫ਼ 5 ਦਸੰਬਰ 2022 ਨੂੰ ਸਪਲੀਮੈਂਟਰੀ ਚਾਰਜਸ਼ੀਟ ਭਰੀ ਗਈ ਸੀ। ਚਾਰਜਸ਼ੀਟ ਦੀਆਂ ਕਾਪੀਆਂ ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ ਬਾਕੀ ਸਾਰੇ 26 ਮੁਲਜ਼ਮਾਂ ਨੂੰ ਸਪਲਾਈ ਕੀਤੀਆਂ ਗਈਆਂ ਹਨ, ਪਰ ਅਦਾਲਤ ਨੂੰ ਹੁਣ ਤੱਕ ਬਿਸ਼ਨੋਈ ‘ਤੇ ਕੋਈ ਪੁਸ਼ਟੀ ਨਹੀਂ ਹੋਈ ਹੈ।

Leave a comment