#INDIA

ਯੂ.ਐੱਸ.ਏਡ. ਫੰਡਿੰਗ ਬਾਰੇ ਖ਼ੁਲਾਸੇ ਪ੍ਰੇਸ਼ਾਨ ਕਰਨ ਵਾਲੇ: ਭਾਰਤ

– ਮੁਲਕ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖ਼ਲ ਦੀ ਕੀਤੀ ਜਾ ਰਹੀ ਹੈ ਜਾਂਚ
– ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਜਤਾਈ ਚਿੰਤਾ; ਦੇਸ਼ ਖ਼ਿਲਾਫ਼ ਭੁਗਤ ਰਹੀਆਂ ਤਾਕਤਾਂ ਦਾ ਪਰਦਾਫ਼ਾਸ਼ ਹੋਵੇ: ਉਪ ਰਾਸ਼ਟਰਪਤੀ
ਨਵੀਂ ਦਿੱਲੀ/ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)- ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਦੇਸ਼ ‘ਚ ਕੁਝ ਗਤੀਵਿਧੀਆਂ ਲਈ ਯੂ.ਐੱਸ.ਏਡ ਫੰਡਿੰਗ ਬਾਰੇ ਕੀਤੇ ਗਏ ਖ਼ੁਲਾਸੇ ਬੇਹੱਦ ਪ੍ਰੇਸ਼ਾਨ ਕਰਨ ਵਾਲੇ ਹਨ ਅਤੇ ਇਸ ਨਾਲ ਦੇਸ਼ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖ਼ਲ ਨੂੰ ਲੈ ਕੇ ਚਿੰਤਾ ਪੈਦਾ ਹੋਈ ਹੈ। ਉਧਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਮੁਲਕ ਖ਼ਿਲਾਫ਼ ਭੁਗਤ ਰਹੀਆਂ ਤਾਕਤਾਂ ਦਾ ਪਰਦਾਫ਼ਾਸ਼ ਹੋਣਾ ਚਾਹੀਦਾ ਹੈ।
ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਸਬੰਧਤ ਵਿਭਾਗ ਅਤੇ ਅਧਿਕਾਰੀ ਕੁਝ ਅਮਰੀਕੀ ਗਤੀਵਿਧੀਆਂ ਅਤੇ ਫੰਡਿੰਗ ਬਾਰੇ ਅਮਰੀਕੀ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਦੀ ਜਾਂਚ ਕਰ ਰਹੇ ਹਨ। ਜੈਸਵਾਲ ਨੇ ਕਿਹਾ, ”ਅਸੀਂ ਅਮਰੀਕੀ ਪ੍ਰਸ਼ਾਸਨ ਵੱਲੋਂ ਕੁਝ ਅਮਰੀਕੀ ਗਤੀਵਿਧੀਆਂ ਅਤੇ ਫੰਡਿੰਗ ਬਾਰੇ ਦਿੱਤੀ ਗਈ ਜਾਣਕਾਰੀ ਦੇਖੀ ਹੈ। ਇਹ ਸਪੱਸ਼ਟ ਤੌਰ ‘ਤੇ ਬਹੁਤ ਪ੍ਰੇਸ਼ਾਨ ਕਰਨ ਵਾਲੀ ਹੈ।” ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖ਼ਲ ਨਾਲ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਅਤੇ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਇਸ ਸਮੇਂ ਕੋਈ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਜਾਂਚ ਮਗਰੋਂ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਜਾਵੇਗੀ। ਉਧਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਯੂ.ਐੱਸ.ਏਡ ਫੰਡਿੰਗ ‘ਤੇ ਚਿੰਤਾ ਜਤਾਈ ਅਤੇ ਕਿਹਾ ਕਿ ਜਿਹੜੇ ਲੋਕ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ‘ਤੇ ਅਜਿਹੇ ਹਮਲੇ ਦੀ ਇਜਾਜ਼ਤ ਦਿੰਦੇ ਹਨ, ਉਨ੍ਹਾਂ ਦਾ ਪਰਦਾਫ਼ਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੀਆਂ ਤਾਕਤਾਂ ਖ਼ਿਲਾਫ਼ ਹਮਲੇ ਕਰਨ। ਧਿਆਨ ਸਾਧਨਾਂ ਬਾਰੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਧਨਖੜ ਨੇ ਕਿਹਾ ਕਿ ਹਕੀਕਤ ਇਹ ਹੈ ਕਿ ਪੈਸਾ ਦਿੱਤਾ ਗਿਆ ਸੀ। ਉਨ੍ਹਾਂ ਵਿਵਾਦ ਦੀ ਜੜ੍ਹ ਤੱਕ ਜਾਣ ਲਈ ‘ਪੰਚਾਰੀ ਨੀਤੀ’ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਮੱਸਿਆ ਨੂੰ ਜੜ੍ਹੋਂ ਉਖਾੜ ਦੇਣਾ ਚਾਹੀਦਾ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਬਾਇਡਨ ਪ੍ਰਸ਼ਾਸਨ ‘ਤੇ ਹਮਲੇ ਜਾਰੀ ਰਖਦਿਆਂ ਦਾਅਵਾ ਕੀਤਾ ਕਿ ਭਾਰਤ ‘ਚ ਵੋਟ ਫ਼ੀਸਦੀ ਵਧਾਉਣ ਲਈ 2.1 ਕਰੋੜ ਡਾਲਰ ਦੀ ਫੰਡਿੰਗ ‘ਰਿਸ਼ਵਤ’ ਯੋਜਨਾ ਸੀ। ਉਨ੍ਹਾਂ ਵਾਸ਼ਿੰਗਟਨ ਡੀ.ਸੀ. ‘ਚ ਵੀਰਵਾਰ ਨੂੰ ਰਿਪਬਲਿਕਨ ਗਵਰਨਰਜ਼ ਐਸੋਸੀਏਸ਼ਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀਆਂ ਕੀਤੀਆਂ।