ਯੂ.ਪੀ. ‘ਚ ਕਿਸੇ ਵੀ ਸਿੱਖ ਕਿਸਾਨ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ : ਯੋਗੀ ਨੇ ਦਿੱਤਾ ਭਰੋਸਾ

646
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਅਕਾਲੀ ਨੇਤਾਵਾਂ ਦਾ ਵਫ਼ਦ ਮੁਲਾਕਾਤ ਕਰਨ ਮੌਕੇ।
Share

* ਅਕਾਲੀ ਦਲ ਦੇ ਵਫ਼ਦ ਵੱਲੋਂ ਯੂ. ਪੀ. ਦੇ ਮੁੱਖ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 24 ਜੂਨ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਾਲੇ ਵਫ਼ਦ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਰੋਸਾ ਦਿਵਾਇਆ ਹੈ ਕਿ ਯੂ.ਪੀ. ਵਿਚ ਕਿਸੇ ਵੀ ਸਿੱਖ ਕਿਸਾਨ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ। ਯੋਗੀ ਨਾਲ ਲਖਨਊ ‘ਚ ਹੋਈ ਮੁਲਾਕਾਤ ਮਗਰੋਂ ਚੰਦੂਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਐਲਾਨ ਕੀਤਾ ਕਿ ਬਿਜਨੌਰ ‘ਚ ਸਰਕਾਰ ਵੱਲੋਂ ਜਿਸ ਜ਼ਮੀਨ ‘ਤੇ ਆਰਮਡ ਫੋਰਸਿਜ਼ ਸੈਂਟਰ ਬਣਾਉਣ ਦੀ ਤਜਵੀਜ਼ ਸੀ, ਉਸ ਜਗ੍ਹਾ ਬਦਲੇ ਹੁਣ ਵੱਖਰੀ ਥਾਂ ਨਿਸ਼ਚਿਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਾਰੀਆਂ ਥਾਵਾਂ ਜਿੱਥੇ ਸਿੱਖਾਂ ਨੂੰ ਉਜਾੜੇ ਦਾ ਖ਼ਦਸ਼ਾ ਹੈ, ਦੇ ਸਰਵੇਖਣ ਲਈ ਅਤੇ ਜਿਹੜੀਆਂ ਜ਼ਮੀਨਾਂ ਇਹ ਕਿਸਾਨ ਵਾਹ ਰਹੇ ਹਨ, ਉਨ੍ਹਾਂ ਦੇ ਅਧਿਕਾਰ ਦੇਣ ਦਾ ਰਾਹ ਲੱਭਣ ਲਈ ਚਾਰ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ। ਚੰਦੂਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਯੂ.ਪੀ. ਦੇ ਸਿੰਜਾਈ ਮੰਤਰੀ ਬਲਦੇਵ ਸਿੰਘ ਔਲਖ ਨੂੰ ਇਨ੍ਹਾਂ ਚਾਰਾਂ ਮਾਮਲਿਆਂ ਦੀ ਘੋਖ ਅਤੇ ਉੱਤਰ ਪ੍ਰਦੇਸ਼ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਹੋਰ ਮੁਸ਼ਕਲਾਂ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਕਾਲੀ ਦਲ ਦੇ ਵਫ਼ਦ ‘ਚ ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ। ਅਕਾਲੀ ਕਮੇਟੀ ਦੇ ਆਗੂਆਂ ਨੇ ਮੁੱਖ ਮੰਤਰੀ ਨੂੰ ਬਿਜਨੌਰ ਦੇ ਚੰਪਤਪੁਰ ਚਕਲਾ ਦੇ ਮਾਮਲੇ ਦੀ ਜਾਣਕਾਰੀ ਦਿੱਤੀ, ਜਿੱਥੇ ਸਿੱਖ ਕਿਸਾਨਾਂ ਨੇ ਆਪਣੇ ਨਾਂ ‘ਤੇ ਕੁਝ ਜ਼ਮੀਨਾਂ ਖ਼ਰੀਦੀਆਂ ਸਨ, ਜਦਕਿ ਖੇਤੀ ਲਈ ਉਨ੍ਹਾਂ ਨੂੰ ਬੰਜਰ ਜ਼ਮੀਨਾਂ ਮਿਲੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਮੀਨਾਂ ਨੂੰ ਸਿੱਖ ਕਿਸਾਨਾਂ ਨੇ ਆਬਾਦ ਕੀਤਾ ਪਰ ਹੁਣ ਇਨ੍ਹਾਂ ਨੂੰ ਆਰਮਡ ਫੋਰਸਿਜ਼ ਲਈ ਸੈਂਟਰ ਦੇ ਨਾਂ ‘ਤੇ ਉਜਾੜਿਆ ਜਾ ਰਿਹਾ ਹੈ।
ਇਸੇ ਤਰ੍ਹਾਂ ਲਖੀਮਪੁਰ ਖੀਰੀ ‘ਚ ਜੋ ਜ਼ਮੀਨਾਂ ਉਨ੍ਹਾਂ ਰਾਜਾ ਵਿਕਰਮ ਸ਼ਾਹ ਤੋਂ ਖਰੀਦੀਆਂ ਸਨ, ਉਨ੍ਹਾਂ ਤੋਂ ਇਸ ਕਰ ਕੇ ਉਜਾੜਿਆ ਜਾ ਰਿਹਾ ਹੈ ਕਿਉਂਕਿ ਵਿਕਰੀ ਤੇ ਖ਼ਰੀਦ ਦਾ ਕੋਈ ਲਿਖਤੀ ਦਸਤਾਵੇਜ਼ ਨਹੀਂ ਹੈ। ਤੀਜਾ ਮਾਮਲਾ ਰਾਮਪੁਰ ਦੀ ਤਹਿਸੀਲ ਸਵਾਰ ਦਾ ਹੈ, ਜਿੱਥੇ ਕਿਸਾਨ 1947 ਦੀ ਵੰਡ ਪਿੱਛੋਂ ਪੰਦਰਾਂ ਪਿੰਡਾਂ ਵਿਚ ਨਵਾਬ ਰਾਮਪੁਰ ਦੀ ਵਿਰਾਸਤੀ ਥਾਂ ਵਿਚ ਵਸੇ ਹਨ। ਇਨ੍ਹਾਂ ਪਿੰਡਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਨੇ ਮਾਲ ਵਿਭਾਗ ਨੂੰ ਮਾਮਲਾ ਵਿਚਾਰਨ ਦੀ ਹਦਾਇਤ ਕੀਤੀ ਸੀ। ਚੌਥਾ ਮਾਮਲਾ ਪੀਲੀਭੀਤ ਦਾ ਹੈ, ਜਿੱਥੇ ਪੰਜਾਬੀ ਕਿਸਾਨਾਂ ਨੂੰ 1962 ‘ਚ ਨਾਨਕ ਸਾਗਰ ਡੈਮ ਦੀ ਉਸਾਰੀ ਵੇਲੇ ਜ਼ਮੀਨ ਐਕੁਆਇਰ ਕਰਨ ਤੋਂ ਬਾਅਦ ਬਦਲਵੀਂ ਥਾਂ ਦਿੱਤੀ ਗਈ ਸੀ। ਕਿਸਾਨ ਨੇ ਹੜ੍ਹਾਂ ਕਾਰਨ ਇਹ ਥਾਂ ਛੱਡ ਦਿੱਤੀ ਸੀ ਪਰ ਜਦੋਂ ਉਹ ਵਾਪਸ ਉਸੇ ਥਾਂ ‘ਤੇ ਵਸਣ ਆਏ। ਤਾਂ ਉਨ੍ਹਾਂ ਨੂੰ ਜੰਗਲਾਤ ਵਿਭਾਗ ਨੇ ਅਜਿਹਾ ਕਰਨ ਤੋਂ ਰੋਕ ਦਿੱਤਾ।


Share