ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ ਹੋ ਗਿਆ। ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਿਰੋਧੀ ਧਿਰ ਕਾਂਗਰਸ ਨੇ ਹੰਗਾਮਾ ਕੀਤਾ। ਰਾਜਪਾਲ ਆਪਣੇ ਭਾਸ਼ਣ ਦੌਰਾਨ ਜਿਵੇਂ ਹੀ ਸਿੱਖਿਆ ’ਤੇ ਬੋਲਣ ਲੱਗੇ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੜੇ ਹੋ ਕੇ ਉਸ ਦਾ ਵਿਰੋਧ ਕੀਤਾ। ਇਸ ਦੌਰਾਨ ਸਾਰੇ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ। ਕਾਂਗਰਸੀ ਵਿਧਾਇਕ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਸਦਨ ’ਚੋਂ ਵਾਕਆਊਟ ਕਰ ਗਏ।
ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਦਾ ਭਾਸ਼ਣ ਝੂਠ ਦਾ ਪੁਲੰਦਾ ਹੈ ਤੇ ਇਸ ਵਿਚ ਕੁਝ ਵੀ ਸੱਚ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਜਵਾਨ ਸੁਰੱਖਿਅਤ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਮਾਰਕੁੱਟ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ ਬਹੁਤ ਗਲਤ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਧਰ ਰਾਜਪਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਰਾਜਪਾਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਸੂਬਾ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਬਾਰੇ ਦੱਸਿਆ। ਇਨ੍ਹਾਂ ਵਿੱਚ ਹੁਣ ਤੱਕ 2.98 ਲੱਖ ਕਰੋੜ ਲੋਕਾਂ ਨੇ ਇਲਾਜ ਕਰਵਾਇਆ ਅਤੇ 90 ਲੱਖ ਲੋਕਾਂ ਨੇ ਟੈਸਟ ਕਰਵਾਏ ਹਨ। ਇਥੋਂ ਲੋਕਾਂ ਨੇ 60 ਕਰੋੜ ਰੁਪਏ ਦੀ ਦਵਾਈਆਂ ਅਤੇ 100 ਕਰੋੜ ਰੁਪਏ ਤੋਂ ਵੱਧ ਦੇ ਟੈਸਟ ਕਰਵਾਏ ਹਨ।