ਰਾਣਾ ਗੁਰਮੀਤ ਸੋਢੀ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ ’ਚ ਹੋਏ ਸ਼ਾਮਲ

292
ਰਾਣਾ ਗੁਰਮੀਤ ਸਿੰਘ ਸੋਢੀ ਦਾ ਪਾਰਟੀ ’ਚ ਸਵਾਗਤ ਕਰਦੇ ਹੋਏ ਭਾਜਪਾ ਆਗੂ ਭੁਪੇਂਦਰ ਯਾਦਵ, ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼।
Share

– ਟਵਿੱਟਰ ਤੋਂ ਆਪਣੇ ਅਸਤੀਫ਼ੇ ਦਾ ਕੀਤਾ ਐਲਾਨ
– ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਪੱਤਰ ਵੀ ਪੋਸਟ ਕੀਤਾ
ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਚੋਟੀ ਦੇ ਕਾਂਗਰਸ ਆਗੂਆਂ ’ਚ ਸ਼ੁਮਾਰ ਰਾਣਾ ਗੁਰਮੀਤ ਸਿੰਘ ਸੋਢੀ ਪਾਰਟੀ ਛੱਡ ਭਾਜਪਾ ’ਚ ਸ਼ਾਮਲ ਹੋ ਗਏ। ਰਾਣਾ ਗੁਰਮੀਤ ਨੇ ਦੋਸ਼ ਲਾਇਆ ਕਿ ਕਾਂਗਰਸ ਸੂਬੇ ਦੀ ‘ਸੁਰੱਖਿਆ ਤੇ ਫ਼ਿਰਕੂ ਸਦਭਾਵਨਾ ਨੂੰ ਦਾਅ ’ਤੇ ਲਾ ਰਹੀ ਹੈ’। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ’ਚ ਸ਼ਾਂਤੀ ਤੇ ਫ਼ਿਰਕੂ ਭਾਈਚਾਰੇ ਲਈ ਗੰਭੀਰ ਖ਼ਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਨੂੰ ਪੰਜਾਬ ਨੂੰ ਬਚਾ ਸਕਦੇ ਹਨ। ਲਗਾਤਾਰ ਚਾਰ ਵਾਰ ਵਿਧਾਇਕ ਬਣੇ ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਾਫ਼ੀ ਨੇੜੇ ਮੰਨੇ ਜਾਂਦੇ ਹਨ। ਉਨ੍ਹਾਂ ਕਾਂਗਰਸ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਟਵਿੱਟਰ ਤੋਂ ਕੀਤਾ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਪੱਤਰ ਵੀ ਪੋਸਟ ਕੀਤਾ। ਰਾਣਾ ਸੋਢੀ ਨੇ ਕਿਹਾ ਕਿ, ‘ਮੈਂ ਪੰਜਾਬ ਦਾ ਸਾਹ ਘੁੱਟਦਾ ਤੇ ਬੇਵਸੀ ਨਹੀਂ ਦੇਖ ਸਕਦਾ। ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਤੇ ਫ਼ਿਰਕੂ ਏਕੇ ਨੂੰ ਦਾਅ ਉਤੇ ਲਾ ਦਿੱਤਾ ਹੈ। ਦੁਖੀ ਮਨ ਨਾਲ, ਮੈਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦਾ ਹੈ। ਇਸ ਤੋਂ ਬਾਅਦ ਰਾਣਾ ਸੋਢੀ ਦਿੱਲੀ ਵਿਚ ਕੇਂਦਰੀ ਮੰਤਰੀਆਂ ਗਜੇਂਦਰ ਸਿੰਘ ਸ਼ੇਖਾਵਤ ਤੇ ਭੁਪੇਂਦਰ ਯਾਦਵ ਦੀ ਹਾਜ਼ਰੀ ਵਿਚ ਭਾਜਪਾ ’ਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਭਾਜਪਾ ਨੇ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਦਾ ਐਲਾਨ ਕੀਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਉਹ ਚਾਰ ਦਹਾਕਿਆਂ ਤੋਂ ਵੱਧ ਸਮਾਂ ਕਾਂਗਰਸ ਵਿਚ ਰਹੇ ਹਨ, ਤੇ ਪਾਰਟੀ ਦੀ ਵਰਤਮਾਨ ਅੰਦਰੂਨੀ ਸਥਿਤੀ ਤੋਂ ਨਿਰਾਸ਼ ਸਨ, ਖਾਸ ਕਰ ਕੇ ਪੰਜਾਬ ਵਿਚ ਪਾਰਟੀ ਦੀ ਸਥਿਤੀ ਖ਼ਰਾਬ ਹੈ। ਰਾਣਾ ਸੋਢੀ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ‘ਆਪਣੇ ਨਿੱਜੀ ਲਾਭ ਖਾਤਰ ਸਰਹੱਦੀ ਸੂਬੇ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ।’ ਉਨ੍ਹਾਂ ਪੰਜਾਬ ਦੀ ਸਥਿਤੀ ’ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਾਂਗਰਸ ’ਤੇ ਵੋਟਾਂ ਖਾਤਰ ਸੂਬੇ ਨੂੰ ਵੰਡਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਸਥਿਤੀ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ ਸਨ। ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਦੀ ਸ਼ਲਾਘਾ ਕਰਦਿਆਂ ਸੋਢੀ ਨੇ ਕਿਹਾ ਕਿ ਭਾਰਤ ਨੂੰ ਇਸੇ ਤਰ੍ਹਾਂ ਦੀ ਅਗਵਾਈ ਚਾਹੀਦੀ ਹੈ। ਰਾਜੀਵ ਗਾਂਧੀ ਤੇ ਸੋਨੀਆ ਗਾਂਧੀ ਨਾਲ ਆਪਣੀ ਨੇੜਤਾ ਨੂੰ ਯਾਦ ਕਰਦਿਆਂ ਸੋਢੀ ਨੇ ਦੋਸ਼ ਲਾਇਆ ਕਿ ਕਾਂਗਰਸ ਦੀਆਂ ਧਰਮ ਨਿਰਪੱਖ ਕਦਰਾਂ-ਕੀਮਤਾਂ ਹੁਣ ਢਹਿ-ਢੇਰੀ ਹੋ ਗਈਆਂ ਹਨ ਤੇ ਅੰਦਰੂਨੀ ਕਲੇਸ਼ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਥਿਰ ਸਰਕਾਰ ਚਾਹੀਦੀ ਹੈ ਜੋ ਇਸ ਨੂੰ ਬਚਾਏ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲੇ। ਸ਼ੇਖਾਵਤ ਨੇ ਰਾਜ ਦੀ ਸਿਆਸਤ ਵਿਚ ਸੋਢੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਹੋਰਾਂ ਦੇ ਵੀ ਭਾਜਪਾ ’ਚ ਸ਼ਾਮਲ ਹੋਣ ਦੀਆਂ ਕਨਸੋਆਂ ਨੇ ਕਾਂਗਰਸ ਨੂੰ ਫ਼ਿਕਰਾਂ ’ਚ ਪਾਇਆ
ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਭਾਜਪਾ ’ਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਸਥਿਤੀ ਦਾ ਜਾਇਜ਼ਾ ਲਿਆ ਹੈ। ਕਾਂਗਰਸ ਦੇ ਵਿਧਾਇਕ ਤੇ ਇੱਕ-ਦੁੱਕਾ ਮੰਤਰੀ ਵੀ ਕਥਿਤ ਤੌਰ ’ਤੇ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ ਅਤੇ ਇਨ੍ਹਾਂ ਕਨਸੋਆਂ ’ਤੇ ਕਾਂਗਰਸ ਹਾਈਕਮਾਨ ਨੇ ਫ਼ੌਰੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਸਕਰੀਨਿੰਗ ਕਮੇਟੀ ਨੇ ਮੀਟਿੰਗ ਕੀਤੀ, ਜਿਸ ਵਿਚ ਪੰਜਾਬ ਇੰਚਾਰਜ ਹਰੀਸ਼ ਚੌਧਰੀ ਅਤੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਸ਼ਾਮਲ ਹੋਏ ਹਨ। ਕਾਂਗਰਸ ਹਾਈਕਮਾਨ ਨੇ ਟਿਕਟਾਂ ਦੀ ਵੰਡ ਲਈ ਸਰਗਰਮੀ ਤੇਜ਼ ਕਰ ਦਿੱਤੀ ਹੈ। ਪੰਜਾਬ ’ਚ ਸਿਆਸੀ ਗਤੀਵਿਧੀਆਂ ਵਧਣ ਕਰਕੇ ਅਤੇ ਭਾਜਪਾ ਦੀ ਸਿਆਸੀ ਚਾਲ ਨੂੰ ਦੇਖਦਿਆਂ ਕਾਂਗਰਸ ਨੇ ਐਤਕੀਂ ਟਿਕਟਾਂ ਦਾ ਅਗੇਤਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਵੀ ਇਸੇ ਕੜੀ ਦਾ ਹਿੱਸਾ ਹੋ ਸਕਦੀ ਹੈ। ਕਾਂਗਰਸ ਸਰਕਾਰ ਆਗਾਮੀ ਚੋਣਾਂ ’ਚ ਉਤਰਨ ਤੋਂ ਪਹਿਲਾਂ 18 ਨੁਕਾਤੀ ਏਜੰਡੇ ਦੀ ਪੂਰਤੀ ਕਰਨਾ ਚਾਹੁੰਦੀ ਹੈ। ਕਾਂਗਰਸ ਅੱਗੇ ਸਭ ਤੋਂ ਵੱਡੀ ਚੁਣੌਤੀ ਟਿਕਟਾਂ ਦੀ ਵੰਡ ਨੂੰ ਲੈ ਕੇ ਹੈ। ਕਈ ਵਿਧਾਇਕਾਂ ਨੂੰ ਟਿਕਟਾਂ ਕੱਟੇ ਜਾਣ ਦਾ ਡਰ ਹੈ। ਮੁੱਖ ਮੰਤਰੀ ਚੰਨੀ ਆਪਣੇ ਭਰਾ ਡਾ. ਮਨੋਹਰ ਸਿੰਘ ਲਈ ਟਿਕਟ ਚਾਹੁੰਦੇ ਹਨ। ਫਤਹਿਜੰਗ ਸਿੰਘ ਬਾਜਵਾ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਇਸੇ ਕਤਾਰ ਵਿਚ ਹਨ। ਚੇਅਰਮੈਨ ਲਾਲ ਸਿੰਘ ਆਪਣੇ ਤੋਂ ਇਲਾਵਾ ਆਪਣੇ ਲੜਕੇ ਨੂੰ ਮੁੜ ਸਮਾਣਾ ਤੋਂ ਉਤਾਰਨਾ ਚਾਹੁੰਦੇ ਹਨ। ਕਈ ਕਾਂਗਰਸੀ ਵਜ਼ੀਰਾਂ ਦੇ ਭਾਜਪਾ ’ਚ ਚਲੇ ਜਾਣ ਦੀਆਂ ਚਰਚਾਵਾਂ ਦੌਰਾਨ ਹੀ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸੀ ਹਨ ਅਤੇ ਕਾਂਗਰਸ ਵਿਚ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਉਹ ਭਾਜਪਾ ਵਿਚ ਜਾ ਰਹੇ ਹਨ।
ਕਾਂਗਰਸ ਹਾਈਕਮਾਨ ਨੇ ਕਾਂਗਰਸ ਪਾਰਲੀਮੈਂਟਰੀ ਪਾਰਟੀ ਐਲਾਨੀ ਹੈ, ਜਿਸ ਵਿਚ ਪੰਜਾਬ ਨੂੰ ਵਧੇਰੇ ਪ੍ਰਤੀਨਿਧਤਾ ਦਿੱਤੀ ਗਈ ਹੈ। ਐੱਮ.ਪੀ. ਚੌਧਰੀ ਸੰਤੋਖ ਸਿੰਘ ਨੂੰ ਸਕੱਤਰ ਵਜੋਂ ਲਿਆ ਗਿਆ ਹੈ, ਜਦੋਂ ਕਿ ਐੱਮ.ਪੀ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੂੰ ਕਾਰਜਕਾਰੀ ਮੈਂਬਰ ਵਜੋਂ ਸ਼ਾਮਿਲ ਕੀਤਾ ਹੈ।
ਉਧਰ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਭਾਜਪਾ ਵਿਚ ਸ਼ਮੂਲੀਅਤ ਬਾਰੇ ਕਿਹਾ ਕਿ ਰਾਣਾ ਸੋਢੀ ਵੱਡੀ ਵਿਕਟ ਨਹੀਂ ਸਨ। ਉਨ੍ਹਾਂ ਦੇ ਜਾਣ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਜੋ ਹੋਰ ਨੇਤਾ ਵੀ ਜਾਣਾ ਚਾਹੁੰਦੇ ਸਨ, ਉਨ੍ਹਾਂ ਨੂੰ ਕਿਹੜਾ ਰੋਕਿਆ ਗਿਆ ਹੈ, ਉਹ ਵੀ ਅੱਜ ਜਾ ਸਕਦੇ ਸਨ। ਉਨ੍ਹਾਂ ਦੱਸਿਆ ਕਿ ਹੁਣ ਲਗਾਤਾਰ ਸਕਰੀਨਿੰਗ ਕਮੇਟੀ ਦੀ ਮੀਟਿੰਗ ਚੱਲੇਗੀ ਅਤੇ ਯੋਗਤਾ ਤੇ ਕਾਬਲੀਅਤ ਦੇ ਆਧਾਰ ’ਤੇ ਟਿਕਟਾਂ ਦੀ ਵੰਡ ਹੋਵੇਗੀ।

Share