ਸੁਲਤਾਨਪੁਰ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ‘ਤੇ ਹੋਣ ਕਾਰਨ ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਵਕੀਲ ਸੰਤੋਸ਼ ਪਾਂਡੇ ਨੇ ਕਿਹਾ ਕਿ ਉਸ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਰਾਹੁਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ ਪਰ ਜੱਜ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਕਾਂਗਰਸ ਆਗੂ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਨੇ ਕੇਰਲ ਦੀ ਵਾਇਨਾਡ ਸੀਟ ਤੋਂ ਉਮੀਦਵਾਰ ਰਾਹੁਲ ਗਾਂਧੀ ਦੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਅਗਲੀ ਤਰੀਕ ਲਈ ਅਰਜ਼ੀ ਦਾਇਰ ਕੀਤੀ ਹੈ।