#INDIA

ਰਾਹੁਲ ਗਾਂਧੀ ਵੱਲੋਂ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ

ਵਾਇਨਾਡ (ਕੇਰਲਾ), 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਰਲਾ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਵੀਰਵਾਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਪੁੱਜੇ ਰਾਹੁਲ ਨੇ ਵਾਇਨਾਡ ਦੇ ਜ਼ਿਲ੍ਹਾ ਅਧਿਕਾਰੀ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪਿਆ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਰਾਹੁਲ ਨੇ ਸੰਵਿਧਾਨ ਦੇ ਪਾਲਣ ਦੀ ਸਹੁੰ ਚੁੱਕੀ, ਜਿਸ ਮਗਰੋਂ ਕਾਗਜ਼ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਮੁਕੰਮਲ ਹੋਈ।

ਵਾਇਨਾਡ ‘ਚ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਅਤੇ ਪ੍ਰਿਯੰਕਾ ਗਾਂਧੀ।

ਰਾਹੁਲ ਗਾਂਧੀ ਵੀਰਵਾਰ ਸਵੇਰੇ ਹੈਲੀਕਾਪਟਰ ਰਾਹੀਂ ਵਾਇਨਾਡ ਪੁੱਜੇ ਅਤੇ ਫਿਰ ਉਨ੍ਹਾਂ ਕਲਪੇਟਾ ਤੋਂ ਸਿਵਲ ਸਟੇਸ਼ਨ ਤੱਕ ਰੋਡ ਸ਼ੋਅ ਕੀਤਾ। ਇਸ ਮਗਰੋਂ ਉਹ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ ਗਏ। ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ ਜਾਣ ਤੋਂ ਪਹਿਲਾਂ ਰੋਡ ਸ਼ੋਅ ਦੇ ਅਖੀਰ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਜ਼ਿਲ੍ਹੇ ‘ਚ ਕਈ ਲੋਕਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਸਮੇਤ ਵਾਇਨਾਡ ਵਾਸੀਆਂ ਦੇ ਸਾਰੇ ਮਸਲਿਆਂ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਹਨ। ਵਾਇਨਾਡ ਤੋਂ ਮੌਜੂਦਾ ਸੰਸਦ ਮੈਂਬਰ ਰਾਹੁਲ ਨੇ ਕਿਹਾ ਕਿ ਉਹ ਇਸ ਪਹਾੜੀ ਚੋਣ ਹਲਕੇ ਦੇ ਲੋਕਾਂ ਦੇ ਮੁੱਦਿਆਂ ‘ਤੇ ਦੇਸ਼ ਤੇ ਦੁਨੀਆਂ ਦਾ ਧਿਆਨ ਖਿੱਚਣ ਲਈ ਹਮੇਸ਼ਾ ਤਿਆਰ ਹਨ। ਉਨ੍ਹਾਂ ਕਿਹਾ ਕਿ ਵਾਇਨਾਡ ਉਨ੍ਹਾਂ ਦਾ ਘਰ ਹੈ ਅਤੇ ਇਥੋਂ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਤੇ ਆਪਣੇ ਖ਼ੂਬਸੂਰਤ ਇਤਿਹਾਸ ਤੇ ਰਵਾਇਤਾਂ ਵਾਲੀ ਇਹ ਧਰਤੀ ਉਨ੍ਹਾਂ ਨੂੰ ਪ੍ਰੇਰਨਾ ਦਿੰਦੀ ਹੈ। ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਇਥੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਾਹੁਲ ਵਾਇਨਾਡ ਤੋਂ ਭਾਜਪਾ ਦੀ ਸੂਬਾਈ ਇਕਾਈ ਦੇ ਪ੍ਰਧਾਨ ਕੇ ਸੁਰੇਂਦਰਨ ਤੇ ਸੀ.ਪੀ.ਆਈ. ਦੀ ਨੇਤਾ ਐਨੀ ਰਾਜਾ ਖ਼ਿਲਾਫ਼ ਚੋਣ ਲੜਨਗੇ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਇਸੇ ਸੀਟ ਤੋਂ ਚਾਰ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।