ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਗਦ ਕਰਜ਼ਾ ਹੱਦ ਮਨਜ਼ੂਰ

120
Share

ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਭਗਵੰਤ ਮਾਨ ਵੱਲੋਂ ਕੇਂਦਰ ਦਾ ਧੰਨਵਾਦ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਨਿਰਵਿਘਨ ਖਰੀਦਣ ਦਾ ਆਦੇਸ਼
ਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਹੋਵੇਗੀ
ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਇਕ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।
ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ।


Share