#INDIA

ਰੇਲ ਹਾਦਸਾ: ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

ਭੁਬਨੇਸ਼ਵਰ, 4 ਜੂਨ (ਪੰਜਾਬ ਮੇਲ)- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਰੇਲ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਵਾਰਿਸਾਂ ਲਈ ਪੰਜ ਪੰਜ ਲੱਖ ਰੁਪੲੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਹ ਮੁਆਵਜ਼ਾ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦਿੱਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਗੰਭੀਰ ਜ਼ਖ਼ਮੀਆਂ ਨੂੰ ਇਕ ਇਕ ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਤੇ ਪ੍ਰਧਾਨ ਮੰਤਰੀ ਦਫ਼ਤਰ ਵੀ ਮ੍ਰਿਤਕਾਂ ਦੇ ਵਾਰਸਾਂ ਨੂੰ ਕ੍ਰਮਵਾਰ 10-10 ਲੱਖ ਤੇ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੇ ਹਨ। ਇਸ ਦੌਰਾਨ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਨੂੰ ਰੇਲ ਹਾਦਸੇ ਦੇ ਹਵਾਲੇ ਨਾਲ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਹਾਦਸੇ ਮਗਰੋਂ 1175 ਜ਼ਖ਼ਮੀਆਂ ਨੂੰ ਵੱਖ ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਸੀ ਤੇ ਇਨ੍ਹਾਂ ਵਿਚੋਂ 793 ਨੂੰ ਮੁੱਢਲੇ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਮੌਜੂਦਾ ਸਮੇਂ 382 ਮਰੀਜ਼ ਵੱਖ ਵੱਖ ਸਰਕਾਰੀ ਤੇ ਨਿੱਜੀ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਸ੍ਰੀ ਮੋਦੀ ਨੇ ਉੜੀਸਾ ਸਰਕਾਰ ਵੱਲੋਂ ਰਾਹਤ ਕਾਰਜਾਂ ਵਿੱਚ ਵਿਖਾਈ ਫੁਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Leave a comment