ਲਖੀਮਪੁਰ ਕਤਲੇਆਮ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਭਾਕਿਯੂ (ਉਗਰਾਹਾਂ) ਵੱਲੋਂ ਪੂਰੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਸੰਗਰਾਮੀਂ ਸ਼ਰਧਾਂਜਲੀ 

256
ਕਿਸਾਨ ਕੱਥੂਨੰਗਲ (ਗੁਰਦਾਸਪੁਰ) ਟੌਲ ਪਲਾਜ਼ਾ ਧਰਨਾ ਤੇ ਲਖੀਮਪੁਰ ਕਤਲੇਆਮ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ।
Share

ਚੰਡੀਗੜ੍ਹ/ਦਿੱਲੀ, 12 ਅਕਤੂਬਰ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)- ਕੁੱਲ ਹਿੰਦ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮੁਲਕ ਪੱਧਰੇ ਕਿਸਾਨ ਮੋਰਚੇ ਦੇ ਉਨ੍ਹਾਂ 5 ਸ਼ਹੀਦਾਂ ਨੂੰ ਸੰਗਰਾਮੀ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਨੂੰ ਲਖੀਮਪੁਰ ਖੇੜੀ ਯੂ ਪੀ ਵਿਖੇ ਭਾਜਪਾ ਦੀ ਸਾਜ਼ਿਸ਼ ਤਹਿਤ 3 ਅਕਤੂਬਰ ਵਾਲੇ ਦਿਨ ਗੱਡੀਆਂ ਥੱਲੇ ਕੁਚਲਣ ਅਤੇ ਗੋਲੀਆਂ ਮਾਰਨ ਰਾਹੀਂ ਸ਼ਹੀਦ ਕਰ ਦਿੱਤਾ ਗਿਆ ਸੀ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਹਰਿਆਣਾ, ਉੱਤਰਾਖੰਡ ਤੇ ਰਾਜਿਸਥਾਨ ਦੇ ਕੁੱਝ ਜ਼ਿਲ੍ਹਿਆਂ ਵਿੱਚ ਵੀ ਕਈ ਥਾਈਂ ਸ਼ਰਧਾਂਜਲੀ ਸਮਾਗਮ ਕੀਤੇ ਗਏ। ਸ਼ਹੀਦ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਰਮਨ ਕਸ਼ਿਅਪ ਦੀਆਂ ਫੋਟੋਆਂ ਉੱਤੇ ਫੁੱਲ ਬਰਸਾਉਂਦਿਆਂ ਸਮੂਹ ਕਿਸਾਨਾਂ ਮਜ਼ਦੂਰਾਂ, ਮਰਦਾਂ, ਔਰਤਾਂ, ਨੌਜਵਾਨਾਂ ਨੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਿਆ ਅਤੇ ਆਕਾਸ਼ ਗੁੰਜਾਊ ਨਾਅਰੇ ਲਾਏ “ਲਖੀਮਪੁਰ ਦੇ ਸ਼ਹੀਦਾਂ ਨੂੰ ਲਾਲ ਸਲਾਮ”, “ਸ਼ਹੀਦੋ ਥੋਡੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ”, “ਸ਼ਹੀਦੋ ਥੋਡਾ ਕਾਜ ਅਧੂਰਾ, ਲਾ ਕੇ ਜ਼ਿੰਦਗੀਆਂ ਕਰਾਂਗੇ ਪੂਰਾ”।
ਵੱਖ-ਵੱਖ ਥਾਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਿਆਂ/ਬਲਾਕਾਂ/ਪਿੰਡਾਂ ਦੇ ਆਗੂ ਭੈਣਾਂ ਭਰਾ ਨੌਜਵਾਨ ਸ਼ਾਮਲ ਸਨ। ਬਹੁਤੇ ਥਾਈਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ/ਵਰਕਰ ਅਤੇ ਅਧਿਆਪਕ, ਆਂਗਣਵਾੜੀ ਵਰਕਰ, ਬਿਜਲੀ ਕਾਮੇ, ਠੇਕਾ ਕਾਮੇ, ਵਿਦਿਆਰਥੀ, ਨੌਜਵਾਨ, ਜਮਹੂਰੀ ਅਧਿਕਾਰ ਕਾਰਕੁਨ ਤੇ ਸੱਭਿਆਚਾਰਕ ਕਾਮੇ ਵੀ ਇਸ ਮੌਕੇ ਹਾਜ਼ਰ ਹੋਏ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਸਿਖਰਾਂ ਵੱਲ ਵਧ ਰਹੇ ਤੇ ਪੂਰੀ ਦੁਨੀਆਂ ‘ਚ ਧੁੰਮਾਂ ਪਾ ਰਹੇ ਮੁਲਕ ਪੱਧਰੇ ਕਿਸਾਨ ਸੰਘਰਸ਼ ਨੂੰ ਆਨੀਂ ਬਹਾਨੀਂ ਕੁਚਲਣ ਦੇ ਮਨਸੂਬੇ ਪਾਲ਼ ਰਹੀਆਂ ਕੇਂਦਰੀ/ਸੂਬਾਈ ਭਾਜਪਾ ਹਕੂਮਤਾਂ ਵੱਲੋਂ ਅਜਿਹੀਆਂ ਕਾਤਲੀ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ, ਅਸ਼ੀਸ਼ ਮਿਸ਼ਰਾ ਮੋਨੀ ਦੇ ਗੁੰਡਾ ਗਿਰੋਹ ਦੇ ਸਾਰੇ ਕਰਿੰਦੇ ਗ੍ਰਿਫਤਾਰ ਕੀਤੇ ਜਾਣ ਅਤੇ ਸਾਰੇ ਪੁਆੜਿਆਂ ਦੀ ਜੜ੍ਹ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਸਮੇਤ ਪਰਾਲ਼ੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ।
ਇਹ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦਾ ਦਿੱਤਾ ਕਿ 15 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਫੋਟੋਆਂ ਵਾਲੇ ਪੁਤਲੇ ਸਾਰੇ ਧਰਨਿਆਂ ਵਿੱਚ ਫੂਕ ਕੇ ਬਦੀ ਉੱਤੇ ਨੇਕੀ ਦੀ ਜਿੱਤ ਵੱਲ ਵਧਦੇ ਕਦਮਾਂ ਦੀ ਜੈ ਜੈਕਾਰ ਕੀਤੀ ਜਾਵੇ। 18 ਅਕਤੂਬਰ ਨੂੰ ਦੇਸ਼ ਭਰ ਵਿੱਚ 10 ਤੋਂ 6 ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਜਾਵੇ। 26 ਅਕਤੂਬਰ ਨੂੰ ਲਖਨਊ ਵਿਚ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਿਆ ਜਾਵੇ। ਇਸ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਉੱਥੇ ਹੀ ਕੀਤਾ ਜਾਵੇਗਾ।

Share