ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ‘ਚ ਚਾਰ ਹਫ਼ਤਿਆਂ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ
ਨਵੀਂ ਦਿੱਲੀ, 28 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਯਾਨ ਦੇ ਬੈਂਚ ਨੇ ਮਿਸ਼ਰਾ ਦੇ ਵਕੀਲ ਨੂੰ ਦੋਸ਼ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਇਸ ਦੌਰਾਨ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੋਸ਼ ਨਕਾਰਦਿਆਂ ਕਿਹਾ ਕਿ ਜਦੋਂ ਵੀ ਅਜਿਹੇ ਮਾਮਲੇ ਅਦਾਲਤ ਕੋਲ ਆਉਂਦੇ ਹਨ, ਤਾਂ ਹਰ ਵਾਰ ਅਜਿਹੇ ਦੋਸ਼ ਲੱਗਦੇ ਹਨ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਦਿਆਂ ਉਸ ਨੂੰ ਦਿੱਲੀ ਜਾਂ ਲਖਨਊ ‘ਚ ਰਹਿਣ ਦੀ ਇਜਾਜ਼ਤ ਦਿੱਤੀ ਸੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਸੁਪਰੀਮ ਕੋਰਟ ਨੇ 25 ਜਨਵਰੀ 2023 ਨੂੰ ਅਸ਼ੀਸ਼ ਮਿਸ਼ਰਾ ਨੂੰ ਕੁਝ ਸ਼ਰਤਾਂ ਤਹਿਤ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ ਤੇ ਬਾਅਦ ਵਿਚ ਜ਼ਮਾਨਤ ਦਾ ਸਮਾਂ ਵਧਾ ਦਿੱਤਾ ਗਿਆ ਸੀ। ਸਰਬਉੱਚ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਆਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰਨ ਨਾਲ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ।