ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਉਮੀਦ ਮੁਤਾਬਕ ਨਹੀਂ ਹੋ ਰਹੀ ਜਾਂਚ: ਸੁਪਰੀਮ ਕੋਰਟ

263
Share

-ਜਾਂਚ ਨਿਗਰਾਨੀ ਲਈ ਲਈ ਦੋ ਜੱਜਾਂ ਦੇ ਨਾਵਾਂ ਦਾ ਸੁਝਾਅ;
-ਯੂ.ਪੀ. ਸਰਕਾਰ ਨੂੰ ਸ਼ੁੱਕਰਵਾਰ ਤੱਕ ਸਟੈਂਡ ਸਪੱਸ਼ਟ ਕਰਨ ਦੀ ਹਦਾਇਤ
ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਦਾ ਸੁਝਾਅ ਦਿੱਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਲਖੀਮਪੁਰ ’ਚ 3 ਅਕਤੂਬਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ’ਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਅਤੇ ਗਰਿਮਾ ਪ੍ਰਸਾਦ ਨੂੰ ਸ਼ੁੱਕਰਵਾਰ ਤੱਕ ਇਸ ਮਾਮਲੇ ’ਤੇ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸਰਬਉੱਚ ਅਦਾਲਤ ਸੋਮਵਾਰ ਨੂੰ ਉਕਤ ਮਾਮਲੇ ’ਚ ਸੁਣਵਾਈ ਕਰਦਿਆਂ ਜਾਂਚ ਦੀ ਪ੍ਰਗਤੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ, ‘‘ਇਹ ਸਾਡੀ ਉਮੀਦ ਮੁਤਾਬਕ ਨਹੀਂ ਹੋ ਰਹੀ।’’ ਸੁਪਰੀਮ ਕੋਰਟ ਨੇ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਜਾਂ ਜਸਟਿਸ ਰਣਜੀਤ ਸਿੰਘ ਦੇ ਨਾਵਾਂ ਦਾ ਸੁਝਾਅ ਦਿੱਤਾ ਹੈ।

Share