ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜੇ.ਕੇ. ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ। ਪੀੜਤ ਪਰਿਵਾਰ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੇ ਸਿਖਰਲੀ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਲਈ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤਾ ਜਾਵੇ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਸੰਭਵ ਨਹੀਂ ਹੋ ਸਕਦਾ ਕਿਉਂਕਿ ਹੇਠਲੀ ਅਦਾਲਤ ਅਜਿਹੇ ਹੋਰ ਮਾਮਲਿਆਂ ਨੂੰ ਦੇਖ ਰਹੀ ਹੈ। ਹਾਲਾਂਕਿ, ਭੂਸ਼ਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਕੇਸ 20 ਸਾਲ ਤੱਕ ਚੱਲਦੇ ਰਹਿੰਦੇ ਹਨ ਅਤੇ ਉਦੋਂ ਤੱਕ ਕੇਸ ਨਾਲ ਸਬੰਧਿਤ ਕਈ ਗਵਾਹਾਂ ਦੀ ਮੌਤ ਹੋ ਜਾਂਦੀ ਹੈ। ਬੈਂਚ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਮਾਮਲੇ ਨੂੰ ਪੈਂਡਿੰਗ ਰੱਖਿਆ ਹੈ। ਜ਼ਿਕਰਯੋਗ ਹੈ ਕਿ ਸਿਖਰਲੀ ਅਦਾਲਤ ਨੇ 25 ਜਨਵਰੀ ਨੂੰ ਅਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ।