#PUNJAB

ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ‘ਤੇ ਸਿੱਧੂ ਨੂੰ Notice ਜਾਰੀ ਕਰਨ ਦੀ ਤਿਆਰੀ ‘ਚ ਹਾਈਕਮਾਂਡ!

ਲੁਧਿਆਣਾ, 5 ਫਰਵਰੀ (ਪੰਜਾਬ ਮੇਲ)- ਦੇਰ ਨਾਲ ਹੀ ਸਹੀ ਕਾਂਗਰਸ ‘ਚ ਨਵਜੋਤ ਸਿੱਧੂ ਦੇ ਵਿਰੋਧੀਆਂ ਦਾ ਪਲੜਾ ਭਾਰੀ ਹੋਣ ਲੱਗਾ ਹੈ, ਜਿਸ ਤਹਿਤ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਨ ਦੀ ਚਰਚਾ ਹੈ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪਾਰਟੀ ਪਲੇਟਫਾਰਮ ਤੋਂ ਹੱਟ ਕੇ ਕੀਤੀਆਂ ਜਾ ਰਹੀਆਂ ਰੈਲੀਆਂ ‘ਚ ਆਮ ਆਦਮੀ ਪਾਰਟੀ ਸਰਕਾਰ ਦੀ ਵਰਕਿੰਗ ਨੂੰ ਲੈ ਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਣ ਦੇ ਨਾਲ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਦੇ ਨੇਤਾਵਾਂ ਨੂੰ ਨਾਂ ਲਏ ਬਿਨਾਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਸਿੱਧੂ ਵਿਚਕਾਰ ਪਰਸਪਰ ਵਿਰੋਧੀ ਬਿਆਨਬਾਜ਼ੀ ਦਾ ਦੌਰ ਜਾਰੀ ਹੈ ਅਤੇ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਸਮੇਤ ਕਈ ਸੀਨੀਅਰ ਨੇਤਾਵਾਂ ਵੱਲੋਂ ਸਿੱਧੂ ਖ਼ਿਲਾਫ਼ ਅਨੁਸ਼ਾਸਨਹੀਣਤਾ ਦੇ ਦੋਸ਼ ‘ਚ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਵਿਰੋਧ ਦੇ ਬਾਵਜੂਦ ਹਾਈਕਮਾਂਡ ਵੱਲੋਂ ਪਿਛਲੇ ਦਿਨੀਂ ਸਿੱਧੂ ਨੂੰ ਇਲੈਕਸ਼ਨ ਕਮੇਟੀ ਦਾ ਮੈਂਬਰ ਬਣਾ ਕੇ ਕੁਝ ਹੋਰ ਹੀ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਬਾਵਜੂਦ ਸਿੱਧੂ ਨੇ ਆਪਣਾ ਰਵੱਈਆ ਨਹੀਂ ਬਦਲਿਆ, ਤਾਂ ਪੰਜਾਬ ਕਾਂਗਰਸ ਦੇ ਨੇਤਾਵਾਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਦੇ ਮੱਦੇਨਜ਼ਰ ਹਾਈਕਮਾਂਡ ਨੇ ਵੀ ਆਪਣਾ ਮੂਡ ਬਦਲ ਲਿਆ ਹੈ ਅਤੇ ਸਿੱਧੂ ਨੂੰ ਨੋਟਿਸ ਜਾਰੀ ਕਰਨ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ।