ਲਾਹੌਰ ਦੇ ਕਿਲ੍ਹੇ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ

428
Share

ਲਾਹੌਰ, 13 ਦਸੰਬਰ (ਪੰਜਾਬ ਮੇਲ)- 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਲਾਹੌਰ ਦੇ ਕਿਲ੍ਹੇ ਸਥਿਤ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ 2019 ‘ਚ ਇਸ ਦੇ ਉਦਘਾਟਨ ਤੋਂ ਬਾਅਦ ਦੂਜੀ ਵਾਰ ਭੰਨਤੋੜ ਕੀਤੀ ਗਈ ਹੈ। ਇਹ ਬੁੱਤ ਕਿਲ੍ਹੇ ਦੀ ‘ਮਾਈ ਜਿੰਦਾ’ ਹਵੇਲੀ ਵਿਚ ਲਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ, ਅਧਿਕਾਰੀਆਂ ਨੇ ਬੁੱਤ ਵਾਲੀ ਥਾਂ ਨੂੰ ਸੈਲਾਨੀਆਂ ਲਈ ਬੰਦ ਕਰ ਦਿੱਤਾ ਹੈ।
ਲਾਹੌਰ ਵਾਲਡ ਸਿਟੀ ਅਥਾਰਿਟੀ ਦੇ ਇਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਇਥੇ ਆਏ ਇਕ ਨੌਜਵਾਨ ਨੇ ਮਹਾਰਾਜਾ ਦੇ ਬੁੱਤ ਦੀ ਬਾਂਹ ਤੋੜ ਦਿੱਤੀ ਸੀ। ਉਸ ਨੇ ਦੱਸਿਆ ਕਿ ਉਥੇ ਤਾਇਨਾਤ ਸੁਰੱਖਿਆ ਗਾਰਡਾਂ ਨੇ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਸ਼ੱਕੀ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਸ਼ੱਕੀ ਨੇ ਪੁਲਿਸ ਨੂੰ ਦੱਸਿਆ ਕਿ ਕਿਲ੍ਹੇ ਵਿਚ ਇਕ ਸਿੱਖ ਸ਼ਾਸਕ ਦਾ ਬੁੱਤ ਦੇਖ ਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਸੀ। ਇਸ ਤੋਂ ਪਹਿਲਾਂ ਮੌਲਾਨਾ ਖੈਮ ਰਿਜ਼ਵੀ ਦੀ ਧਾਰਮਿਕ ਪਾਰਟੀ ਤਹਿਰੀਕ ਲਬਾਇਕ ਪਾਕਿਸਤਾਨ ਨਾਲ ਸਬੰਧਤ ਦੋ ਨੌਜਵਾਨਾਂ ਨੇ ਅਗਸਤ 2019 ਦੀ ਸ਼ੁਰੂਆਤ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ ਕੀਤੀ ਸੀ। ਜ਼ਿਕਰਯੋਗ ਹੈ ਕਿ ਜੂਨ 2019 ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਇੱਕ ਰੰਗਾਰੰਗ ਸਮਾਰੋਹ ਵਿਚ ਉਦਘਾਟਨ ਕੀਤਾ ਗਿਆ, ਜਿਸ ਵਿਚ ਭਾਰਤ, ਪਾਕਿਸਤਾਨ ਅਤੇ ਹੋਰਨਾਂ ਦੇਸ਼ਾਂ ਦੇ ਕਈ ਸਿੱਖ ਪ੍ਰਤੀਨਿਧਾਂ ਨੇ ਹਿੱਸਾ ਲਿਆ ਸੀ।


Share