#PUNJAB

ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ Delhi ਪ੍ਰਦਰਸ਼ਨ ‘ਚ ਕਰਨਗੀਆਂ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਮੇਲ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਿਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਹੋਰ ਨੁਮਾਇੰਦਿਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤ ਪਾਸੋਂ ਭਰਵਾਏ ਗਏ 26 ਲੱਖ ਪ੍ਰੋਫਾਰਮੇ ਇਸ ਪ੍ਰਦਰਸ਼ਨ ਦੌਰਾਨ ਨਾਲ ਲਿਜਾਏ ਜਾਣਗੇ।
ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਾਂਝਾ ਕੌਮੀ ਕਾਰਜ ਹੈ, ਜਿਸ ਲਈ ਹਰ ਇਕ ਵਰਗ ਦੀ ਸ਼ਮੂਲੀਅਤ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀ ਇਕ ਸਾਂਝੀ ਆਵਾਜ਼ ਦਾ ਪ੍ਰਗਟਾਵਾ ਕਰੇਗਾ। ਇਸ ਵਿਚ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਦੇ ਪ੍ਰਬੰਧ ਵਾਲੀਆਂ ਸਥਾਨਕ ਗੁਰਦੁਆਰਾ ਕਮੇਟੀਆਂ ਵੱਲੋਂ ਪੰਥਕ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਲਈ ਵਚਨਬੱਧਤਾ ਵਾਸਤੇ ਧੰਨਵਾਦ ਕਰਦਿਆਂ ਕਿਹਾ ਕਿ ਹਰ ਇਕ ਗੁਰੂ ਘਰ ਤੋਂ ਆਈ ਆਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੀ ਭੂਮਿਕਾ ਸਾਬਤ ਹੋਵੇਗੀ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਵਾਸਤੇ ਪਹਿਲ ਦੇ ਅਧਾਰ ‘ਤੇ ਕਾਰਜ ਕੀਤੇ ਜਾਣਗੇ ਅਤੇ ਜਿਹੜੀ ਵੀ ਪੰਥਕ ਸੇਵਾ ਜੁੰਮੇ ਲੱਗੇਗੀ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਇਤਿਹਾਸਕ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਵੱਧ ਤੋਂ ਵੱਧ ਸੰਗਤਾਂ ਨੂੰ ਲੈ ਕੇ ਇਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ।