ਲੋਕ ਮਾਰੂ ਕਾਨੂੰਨਾਂ ਨੂੰ ਨਾਕਾਮ ਬਣਾਉਣ ਲਈ ਕੈਪਟਨ ਵੱਲੋਂ ਵਿਸ਼ੇਸ਼ ਇਜਲਾਸ ਛੇਤੀ ਸੱਦਣ ਦਾ ਐਲਾਨ

332
Share

ਪਟਿਆਲਾ, 7 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸਰਕਟ ਹਾਊਸ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਘੜੇ ਗਏ ਲੋਕ ਮਾਰੂ ਕਾਨੂੰਨਾਂ ਨੂੰ ਨਾਕਾਮ ਬਣਾਉਣ ਲਈ ਪੰਜਾਬ ਸਰਕਾਰ ਛੇਤੀ ਹੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ। ਕੈਪਟਨ ਨੇ ਕਿਹਾ ਕਿ ਖੇਤੀ ਕਾਨੂੰਨ ਨਾ ਸਿਰਫ਼ ਕਿਸਾਨਾਂ, ਸਗੋਂ ਸਮੁੱਚੇ ਖੇਤੀਬਾੜੀ ਢਾਂਚੇ ਅਤੇ ਸੂਬੇ ਨੂੰ ਤਬਾਹ ਕਰ ਦੇਣ ਦੇ ਮਨੋਰਥ ਨਾਲ ਘੜੇ ਗਏ ਹਨ। ਮੁੱਖ ਮੰਤਰੀ ਨੇ ਕੇਂਦਰ ਖ਼ਿਲਾਫ਼ ਇਸ ਲੜਾਈ ‘ਚ ਕਿਸਾਨਾਂ ਦੇ ਨਾਲ ਖੜ੍ਹਨ ਦਾ ਅਹਿਦ ਲੈਂਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੇ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕਰਨਾ, ਉਨ੍ਹਾਂ ਦੀ ਸਰਕਾਰ ਦਾ ਹੋਰ ਵੀ ਵਧੇਰੇ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਾਲਾ ਕਾਨੂੰਨ ਨਾ ਸਿਰਫ਼ ਕਿਸਾਨੀ, ਬਲਕਿ ਅਨੇਕਾਂ ਹੋਰ ਤਬਕਿਆਂ ਨੂੰ ਵੀ ਤਬਾਹ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਪੱਧਰ ‘ਤੇ ਜੰਗ ਲੜਨ ਲਈ ਵਚਨਬੱਧ ਹੈ।


Share