ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪ੍ਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਤੀਜੇ ਪੜਾਅ ਵਿਚ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿਚ ਅਸਾਮ, ਬਿਹਾਰ, ਛੱਤੀਸਗੜ੍ਹ, ਦਾਦਰ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਗੋਆ, ਗੁਜਰਾਤ, ਜੰਮੂ ਅਤੇ ਕਸ਼ਮੀਰ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸ਼ਾਮਲ ਹਨ।