#PUNJAB

ਲੋਕ ਸਭਾ ਚੋਣਾਂ: ਵੋਟਰਾਂ ਨੂੰ ਜਾਗਰੂਕ ਕਰਨ ‘ਚ ਅੰਮ੍ਰਿਤਸਰ ਇਕ ਵਾਰ ਫਿਰ ਮੋਹਰੀ!

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਮੇਲ)-ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ-ਉਵੇਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਹਮਣੇ 70 ਫੀਸਦੀ ਤੋਂ ਪਾਰ ਵੋਟਿੰਗ ਦਾ ਨਾਅਰਾ ਵੀ ਹੈ ਅਤੇ ਇਸ ਦੇ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਾਮਲੇ ਵਿਚ ਇਕ ਵਾਰ ਫਿਰ ਮੋਹਰੀ ਹੈ ਤੇ ਪੰਜਾਬ ਵਿਚ ਪਹਿਲੇ ਨੰਬਰ ‘ਤੇ ਆਇਆ ਹੈ।
ਜਾਣਕਾਰੀ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਕੀਤੀ ਗਈ ਸੂਚੀ ਤਹਿਤ ਲੁਧਿਆਣਾ ਦੂਜੇ ਸਥਾਨ ਅਤੇ ਪਟਿਆਲਾ ਤੀਜੇ ਸਥਾਨ ‘ਤੇ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਕੀਤੀ ਗਈ ਕਾਰਵਾਈ ਅਤੇ ਮਾਲੇਰਕੋਟਲਾ ਵੱਲੋਂ ਈਦ ਦੇ ਮੌਕੇ ‘ਤੇ ਕੀਤੀ ਗਈ ਕਾਰਵਾਈ ਦਾ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਦੂਜੀ ਵਾਰ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ ਆਇਆ ਹੈ।
ਚੋਣ ਕਮਿਸ਼ਨ ਵੱਲੋਂ ਹਰ 15 ਦਿਨਾਂ ਬਾਅਦ ਸਵੀਪ ਮੁਹਿੰਮ ਅਤੇ ਹੋਰ ਕਾਰਵਾਈਆਂ ਦੀਆਂ ਰਿਪੋਰਟਾਂ ਮੰਗੀਆਂ ਜਾ ਰਹੀਆਂ ਹਨ। 16 ਤੋਂ 31 ਮਾਰਚ ਅਤੇ 1 ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ‘ਚ ਅੰਮ੍ਰਿਤਸਰ ਜ਼ਿਲ੍ਹਾ ਪਹਿਲੇ ਸਥਾਨ ‘ਤੇ ਰਿਹਾ। ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਅਟਾਰੀ ਬਾਰਡਰ, ਹੈਰੀਟੇਜ ਸਟਰੀਟ, ਗੁਰੂ ਨਾਨਕ ਯੂਨੀਵਰਸਿਟੀ ਅਤੇ ਹੋਰ ਕਾਲਜਾਂ ‘ਚ ਮੈਗਾ ਈਵੈਂਟ ਕਰਵਾਏ ਜਾ ਰਹੇ ਹਨ। ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਸ਼ਹਿਰ ਦੇ ਸਾਰੇ ਮੁੱਖ ਚੌਰਾਹਿਆਂ ‘ਤੇ ਪੇਂਟਿੰਗਸ ਕੀਤੀਆਂ ਗਈਆਂ ਹਨ ਅਤੇ ਪਹਿਲੀ ਵਾਰ ਟਰਾਂਸਜੈਂਡਰ ਵੋਟਰਾਂ ਨੂੰ ਇਕੱਠਾ ਕਰ ਕੇ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ ਹੈ।
ਕੇਂਦਰੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਚੋਣਾਂ ਇਕ ਤਿਉਹਾਰ ਵਾਂਗ ਹੁੰਦੀਆਂ ਹਨ, ਇਸ ਲਈ ਸਾਰੇ ਨਾਗਰਿਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਤਾਂ ਜੋ ਮਜ਼ਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ।