ਲੰਡਨ, 22 ਸਤੰਬਰ (ਪੰਜਾਬ ਮੇਲ)- ਦੱਖਣ-ਪੱਛਮੀ ਲੰਡਨ ਵਿਚ ਇੱਕ ਸੜਕ ਹਾਦਸੇ ਦੌਰਾਨ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਬ੍ਰਿਟਿਸ਼ ਪੁਲਿਸ ਨੇ ਹਾਦਸੇ ਮੌਕੇ ਮੌਜੂਦ ਲੋਕਾਂ ਨੂੰ ਸਹਿਯੋਗ ਕਰਨ ਤੇ ਗਵਾਹ ਬਣਨ ਲਈ ਅਪੀਲ ਕੀਤੀ ਹੈ।
ਰਣਬੀਰ ਸਿੰਘ ਨੂੰ ਸ਼ਨਿੱਚਰਵਾਰ ਤੜਕੇ ਸਾਊਥਹਾਲ ਵਿਚ ਫੋਰਡ ਮਸਤਾਂਗ ਨੇ ਫੇਟ ਮਾਰ ਦਿੱਤੀ ਤੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਮੈਟਰੋਪੋਲੀਟਨ ਪੁਲਿਸ ਨੇ ਲੰਡਨ ਐਂਬੂਲੈਂਸ ਸਰਵਿਸ ਅਤੇ ਲੰਡਨ ਫਾਇਰ ਬ੍ਰਿਗੇਡ ਦੇ ਸਹਿਯੋਗ ਨਾਲ ਵਾਹਨ ਦੇ ਡਰਾਈਵਰ 20 ਸਾਲਾ ਸੁਖਵੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਉਸ ‘ਤੇ ਗਲਤ ਢੰਗ ਨਾਲ ਡਰਾਈਵਿੰਗ ਕਰਨ, ਲਾਇਸੈਂਸ ਤੋਂ ਬਿਨਾਂ ਗੱਡੀ ਚਲਾਉਣ ਅਤੇ ਬੀਮਾ ਤੋਂ ਬਿਨਾਂ ਵਾਹਨ ਦੀ ਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਸੁਖਵੀਰ ਸਿੰਘ ਲੰਡਨ ਅਦਾਲਤ ਵਿਚ ਪੇਸ਼ ਹੋਇਆ ਅਤੇ ਉਸ ਨੂੰ 19 ਅਕਤੂਬਰ ਨੂੰ ਓਲ ਬੇਲੀ ਕੋਰਟ ਵਿਚ ਪੇਸ਼ ਹੋਣ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਮੈਟਰੋਪੋਲੀਟਨ ਪੁਲਿਸ ਨੇ ਕਿਹਾ ਕਿ ਡਾਕਟਰੀ ਸਹਾਇਤਾ ਦੇਣ ਦੇ ਬਾਵਜੂਦ ਕਾਰ ਵਿਚ ਸਵਾਰ 17 ਸਾਲਾ ਰਣਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਸ਼ੇਸ਼ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਲਗਾਤਾਰ ਸਹਾਇਤਾ ਦਿੱਤੀ ਜਾ ਰਹੀ ਹੈ।
ਮੈਟਰੋਪੋਲੀਟਨ ਪੁਲਿਸ ਡਿਟੈਕਟਿਵ ਇੰਸਪੈਕਟਰ ਫਿਆਜ਼ ਜੰਜੂਆ ਨੇ ਕਿਹਾ ਕਿ ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ 26 ਸਾਲਾ ਨੌਜਵਾਨ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੇ ਸਬੰਧ ਵਿਚ ਇੱਕ ਵਿਅਕਤੀ ਨੂੰ ਚਾਰਜ ਕੀਤਾ ਜਾ ਚੁੱਕਾ ਹੈ ਪਰ ਉਨ੍ਹਾਂ ਦੀ ਜਾਂਚ ਜਾਰੀ ਹੈ ਅਤੇ ਉਹ ਇਸ ਘਟਨਾ ਤੋਂ ਪਹਿਲਾਂ ਦੇ ਹਾਲਾਤ ਦੀ ਪੂਰੀ ਤਰ੍ਹਾਂ ਜਾਂਚ ਕਰ ਰਹੇ ਹਨ। ਉਨ੍ਹਾਂ ਨੇ ਲੰਡਨ ਪੁਲਿਸ ਵੱਲੋਂ ਕਿਸੇ ਵੀ ਅਜਿਹੇ ਵਿਅਕਤੀ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਜਿਸ ਨੇ ਟੱਕਰ ਹੁੰਦੀ ਦੇਖੀ।
ਲੰਡਨ ‘ਚ ਸਿੱਖ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

