-ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ
ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਵਰਕਿੰਗ ਕਮੇਟੀ ਨੇ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇਥੇ ਦਲ ਦੇ ਮੁੱਖ ਦਫ਼ਤਰ ਵਿਖੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ। ਇਹ ਜਾਣਕਾਰੀ ਪਾਰਟੀ ਆਗੂਆਂ ਨੇ ਦਿੱਤੀ ਹੈ। ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਪੱਧਰਾ ਹੋ ਗਿਆ ਹੈ। ਵਰਕਿੰਗ ਕਮੇਟੀ ਨੇ 20 ਜਨਵਰੀ ਨੂੰ ਨਵੀਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਅਤੇ 1 ਮਾਰਚ ਨੂੰ ਨਵੇਂ ਪ੍ਰਧਾਨ ਦੇ ਅਹੁਦੇ ਲਈ ਚੋਣ ਕਰਵਾਉਣ ਦਾ ਐਲਾਨ ਕੀਤਾ ਹੈ।
ਮੀਟਿੰਗ ‘ਚ ਵਰਕਿੰਗ ਕਮੇਟੀ ਨੇ ਕਾਫ਼ੀ ਵਿਚਾਰ-ਵਟਾਂਦਰਾ ਕਰਨ ਮਗਰੋਂ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਹੈ। ਸ਼੍ਰੀ ਬਾਦਲ ਨੇ ਬੀਤੀ 16 ਨਵੰਬਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਵਰਕਿੰਗ ਕਮੇਟੀ ਨੇ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਤੋਂ ਇਲਾਵਾ ਬਾਕੀ ਲੀਡਰਾਂ ਦੇ ਅਸਤੀਫੇ ਵੀ ਮਨਜ਼ੂਰ ਕਰ ਲਏ ਜਾਣਗੇ। ਇਸ ਮੌਕੇ ਕਮੇਟੀ ਨੇ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਸੁਖਬੀਰ ਸਿੰਘ ਬਾਦਲ 2008 ‘ਚ ਸਭ ਤੋਂ ਛੋਟੀ ਉਮਰ ਦੇ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। ਉਨ੍ਹਾਂ ਨੇ 16 ਨਵੰਬਰ ਨੂੰ ਅਸਤੀਫਾ ਦਿੱਤਾ ਸੀ। ਇਸ ਦੌਰਾਨ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ 5 ਸਿੰਘ ਸਾਹਿਬਾਨ ਨੇ ਹੁਕਮਨਾਮਾ ਜਾਰੀ ਕਰਦੇ ਦਾਗੀ ਅਕਾਲੀ ਨੇਤਾਵਾਂ ਦੇ ਅਸਤੀਫ਼ੇ ਮਨਜ਼ੂਰ ਕਰ ਕੇ ਅਕਾਲ ਤਖ਼ਤ ਉਤੇ ਭੇਜਣ ਦਾ ਹੁਕਮ ਜਾਰੀ ਕੀਤਾ ਸੀ। ਸ੍ਰੀ ਅਕਾਲ ਤਖ਼ਤ ਨੇ ਇਸ ਤੋਂ ਪਹਿਲਾਂ ਬੀਤੀ 30 ਅਗਸਤ ਨੂੰ ਸ਼੍ਰੀ ਬਾਦਲ ਨੂੰ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਹੋਈਆਂ ‘ਗ਼ਲਤੀਆਂ’ ਲਈ ‘ਤਨਖ਼ਾਹੀਆ’ ਕਰਾਰ ਦੇ ਦਿੱਤਾ ਸੀ ਤੇ ਬਾਅਦ ਵਿਚ ਇਸ ਸਬੰਧੀ ਉਨ੍ਹਾਂ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਹਾਲੇ ਤੱਕ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਕਰਨ ਸਬੰਧੀ ਅਕਾਲ ਤਖ਼ਤ ਦੇ ਹੁਕਮਾਂ ਤਹਿਤ ਕਾਰਵਾਈ ਨਾ ਕੀਤੇ ਜਾਣ ਕਾਰਨ ਦਲ ਉਤੇ ਸਵਾਲ ਉੱਠ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਅਕਾਲੀ ਦਲ ਤੇ ਸੁਖਬੀਰ ਬਾਦਲ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।
ਇਸ ਦੌਰਾਨ ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਵੱਲੋਂ ਆਪਣਾ ਅਸਤੀਫ਼ਾ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਵਰਕਰਾਂ ਤੇ ਆਗੂਆਂ ਦਾ ਉਨ੍ਹਾਂ ਤੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਹੈ।