ਚੰਡੀਗੜ੍ਹ, 16 ਜੂਨ (ਪੰਜਾਬ ਮੇਲ)- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗਰਗਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ “ਗੁਰੂ ਦੋਖੀ” ਅਤੇ “ਪੰਥ ਵਿਰੋਧੀ” ਐਲਾਨੇ ਜਾਣ ਤੋਂ ਇੱਕ ਦਿਨ ਬਾਅਦ, ਮੁੱਖ ਮੰਤਰੀ ਨੇ ਇਸ ਵਿਵਾਦਤ ਵੀਡੀਓ ਵਿੱਚ ਖੁਦ ਦੇ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮਾਨ ਨੇ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਮੌਜੂਦਾ ਅਹੁਦੇਦਾਰ, ਜੋ ਕਿ ਸਿਆਸੀ ਤੌਰ ’ਤੇ ਨਿਯੁਕਤ ਕੀਤੇ ਗਏ ਹਨ, ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ, “ਮੈਨੂੰ ਬਦਨਾਮ ਕਰਨ ਲਈ ਮੇਰੇ ਖ਼ਿਲਾਫ਼ ਇੱਕ ਝੂਠਾ ਬਿਰਤਾਂਤ (False Narrative) ਘੜਿਆ ਜਾ ਰਿਹਾ ਹੈ।”
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਕਾਲ ਤਖ਼ਤ ਦੇ ਜਥੇਦਾਰ ਨੇ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਕਤ ਵਿਵਾਦਤ ਵੀਡੀਓ ਦੀ ਦੋ ਫੋਰੈਂਸਿਕ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ ਹੈ, ਜਿਸ ਵਿੱਚ ਉਹ ਬਿਲਕੁਲ ਸਹੀ ਪਾਈ ਗਈ ਹੈ। ਇਨ੍ਹਾਂ ਤੱਥਾਂ ਦੇ ਅਧਾਰ ’ਤੇ ਜਥੇਦਾਰ ਨੇ ਸਿੱਖ ਸੰਗਤ ਨੂੰ ਮੁੱਖ ਮੰਤਰੀ ਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਾਂਝਾ ਨਾਤਾ ਨਾ ਰੱਖਣ ਦਾ ਹੁਕਮਨਾਮਾ ਜਾਰੀ ਕੀਤਾ ਸੀ।
ਵੀਡੀਓ ਵਾਲਾ ਸ਼ਖ਼ਸ ਮੈਂ ਨਹੀਂ: ਮਾਨ
ਇਸ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ, “ ਮੇਰੇ ਖ਼ਿਲਾਫ਼ ਹੁਕਮਨਾਮਾ ਜਾਰੀ ਕਰ ਦਿੱਤਾ ਗਿਆ, ਜਦੋਂਕਿ ਮੈਂ ਪਹਿਲਾਂ ਹੀ ਅਕਾਲ ਤਖ਼ਤ ਸਕੱਤਰੇਤ ਵਿੱਚ ਪੇਸ਼ ਹੋ ਕੇ ਸਾਫ਼ ਕਰ ਦਿੱਤਾ ਸੀ ਕਿ ਵੀਡੀਓ ਵਾਲਾ ਸ਼ਖ਼ਸ ਮੈਂ ਨਹੀਂ ਹਾਂ। ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦਾ ਕੱਦ-ਕਾਠ ਅਤੇ ਸਰੀਰਕ ਬਣਤਰ ਮੇਰੇ ਨਾਲ ਬਿਲਕੁਲ ਮੇਲ ਨਹੀਂ ਖਾਂਦੀ। ਮੈਨੂੰ ਹੈਰਾਨੀ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ‘ਤੇ ਬੈਠੇ ਲੋਕ ਸਿਰਫ਼ ਮੈਨੂੰ ਬਦਨਾਮ ਕਰਨ ਲਈ ਆਪਣੇ ਸਿਆਸੀ ਮਾਲਕਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਦੀ ਕਿਸਾਨੀ, ਪਾਣੀਆਂ ਅਤੇ ਜਵਾਨੀ ਨੂੰ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਬੌਖਲਾ ਗਈਆਂ ਹਨ ਅਤੇ ਹੁਣ ਸਿਆਸੀ ਲਾਹੇ ਲਈ ਸਿੱਖ ਧਰਮ ਦੀ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ, “ਮੈਂ ਇਹ ਸਾਰਾ ਮਾਮਲਾ ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਕਚਹਿਰੀ ਵਿੱਚ ਛੱਡਦਾ ਹਾਂ। ਸੰਗਤ ਚੰਗੀ ਤਰ੍ਹਾਂ ਜਾਣਦੀ ਹੈ ਕਿ ਅਕਾਲ ਤਖ਼ਤ ’ਤੇ ਸਿਆਸੀ ਨਿਯੁਕਤੀਆਂ ਕਿਸ ਤਰ੍ਹਾਂ ਹੁੰਦੀਆਂ ਹਨ। ਮੇਰੇ ਖ਼ਿਲਾਫ਼ ਜਾਰੀ ਕੀਤੇ ਗਏ ਫ਼ਰਮਾਨ ਦੇ ਅਧਾਰ (ਵੀਡੀਓ) ਨੂੰ ਮੈਂ ਪੂਰੀ ਤਰ੍ਹਾਂ ਰੱਦ ਕਰਦਾ ਹਾਂ।”

