#Featured

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਜਾਂਚ ਤੇਜ਼; ਪੰਜ ਘੰਟੇ ਕੀਤੀ ਪੁੱਛਗਿੱਛ

-ਵਿਜੀਲੈਂਸ ਭਵਨ ਮੁਹਾਲੀ ਪਹੁੰਚ ਕੇ ਦੂਜੀ ਵਾਰ ਜਾਂਚ ‘ਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਚੰਨੀ
ਐੱਸ.ਏ.ਐੱਸ. ਨਗਰ (ਮੁਹਾਲੀ), 14 ਜੂਨ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਾਂਚ ਤੇਜ਼ ਕਰ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਦੂਜੀ ਵਾਰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿਚ ਪਹੁੰਚੇ ਅਤੇ ਵਿਜੀਲੈਂਸ ਦੀ ਜਾਂਚ ਵਿਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ 5 ਘੰਟੇ ਲਗਾਤਾਰ ਪੁੱਛਗਿੱਛ ਕੀਤੀ। ਉਹ ਸਵੇਰੇ ਸਾਢੇ 10 ਵਜੇ ਵਿਜੀਲੈਂਸ ਭਵਨ ਪਹੁੰਚੇ ਸੀ ਅਤੇ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਬਾਹਰ ਆਏ।
ਇਸ ਦੌਰਾਨ ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਹੁੰਦਿਆਂ ਅਤੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਬਾਰੇ ਸਵਾਲ ਜਵਾਬ ਕੀਤੇ ਗਏ। ਪਤਾ ਲੱਗਾ ਹੈ ਕਿ ਵਿਜੀਲੈਂਸ ਨੇ ਚੰਨੀ ਨੂੰ ਆਪਣੇ ਆਮਦਨ ਸਰੋਤਾਂ ਅਤੇ ਜਾਇਦਾਦਾਂ ਬਾਰੇ ਜਿਹੜਾ ਪ੍ਰੋਫਾਰਮਾ ਭਰਨ ਲਈ ਦਿੱਤਾ ਸੀ, ਉਨ੍ਹਾਂ ਉਹ ਪ੍ਰੋਫਾਰਮਾ ਭਰ ਕੇ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਇਸ ਵਿਚ ਸਾਬਕਾ ਮੁੱਖ ਮੰਤਰੀ ਵੱਲੋਂ ਆਪਣੇ ਆਮਦਨ ਸਰੋਤਾਂ ਅਤੇ ਸੰਪਤੀਆਂ ਦਾ ਵਿਸਥਾਰ ਵਿਚ ਬਿਓਰਾ ਦਿੱਤਾ ਗਿਆ ਹੈ। ਉਧਰ, ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਜਿਵੇਂ ਹੀ ਵਿਜੀਲੈਂਸ ਭਵਨ ਤੋਂ ਬਾਹਰ ਆਏ, ਤਾਂ ਉੱਥੇ ਵੱਡੀ ਗਿਣਤੀ ਵਿਚ ਤਾਇਨਾਤ ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਲੇਕਿਨ ਚੰਨੀ ਮੀਡੀਆ ਨਾਲ ਗੱਲ ਕੀਤੇ ਬਿਨਾਂ ਹੀ ਆਪਣੀ ਕਾਰ ਵਿਚ ਬੈਠ ਕੇ ਰਵਾਨਾ ਹੋ ਗਏ, ਜਦੋਂਕਿ ਇਸ ਤੋਂ ਪਹਿਲਾਂ ਚੰਨੀ, ਹਮੇਸ਼ਾ ਸੂਬਾ ਸਰਕਾਰ ਅਤੇ ਜਾਂਚ ਏਜੰਸੀ ਦੀ ਕਾਰਵਾਈ ‘ਤੇ ਸਵਾਲ ਚੁੱਕਦੇ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੇ ਬਿਲਕੁਲ ਚੁੱਪ ਧਾਰ ਲਈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਤੋਂ ਬਾਅਦ ਚਰਨਜੀਤ ਚੰਨੀ ‘ਆਪ’ ਸਰਕਾਰ ਦੇ ਰਾਡਾਰ ‘ਤੇ ਹਨ। ਹਾਲਾਂਕਿ ਪਹਿਲਾਂ ਇਹ ਗੱਲ ਬੜੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰੀ ਗਈ ਸੀ ਕਿ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਚੰਨੀ ਵਿਦੇਸ਼ ਦੌੜ ਗਏ ਹਨ ਪ੍ਰੰਤੂ ਹੁਣ ਚੰਨੀ ਨੂੰ ਵਾਪਸ ਆਇਆਂ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਲੇਕਿਨ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ। ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਪਿੱਛੇ ਜਿਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਸੈਸ਼ਨ ਦੌਰਾਨ ਹਾਊਸ ਵਿਚ ਇਹ ਗੱਲ ਆਖੀ ਸੀ ਕਿ ਸੂਬੇ ਦੇ ਕਈ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਫੜ ਕੇ ਜੇਲ੍ਹ ਵਿਚ ਡੱਕਿਆ ਗਿਆ ਹੈ ਅਤੇ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵਾਰੀ ਹੈ। ਉਨ੍ਹਾਂ ਨੂੰ ਵੀ ਫੜ ਕੇ ਹਵਾਲਾਤ ਵਿਚ ਬੰਦ ਕੀਤਾ ਜਾਵੇਗਾ।

Leave a comment