#PUNJAB

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਚੰਡੀਗੜ੍ਹ, 6 ਅਗਸਤ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐੱਲ.) ਘੁਟਾਲੇ ਦੇ ਸਬੰਧ ਵਿਚ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐੱਲ. ਦੇ ਡਾਇਰੈਕਟਰਾਂ ਵਿਚੋਂ ਇਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਸ ਸਟੇਸ਼ਨ, ਐੱਸ.ਏ.ਐੱਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐੱਫ.ਆਈ.ਆਰ. ਨੰਬਰ 1 ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐੱਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐੱਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ‘ਚ ਮੈਸਰਜ਼ ਪੀ.ਏ.ਸੀ.ਐੱਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ‘ਚ ਹੋਈ ਦਿਖਾਈ ਗਈ ਸੀ, ਜਦਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈ.ਓ.ਜੀ.ਐੱਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ‘ਤੇ ਪੀ.ਏ.ਸੀ.ਐੱਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐੱਮ.ਸੀ.ਏ.) ਦੀ ਵੈੱਬਸਾਈਟ ‘ਤੇ ਪੀ.ਏ.ਸੀ.ਐੱਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ।
ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐੱਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐੱਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। ਦੱਸਣਯੋਗ ਹੈ ਕਿ ਪੀ.ਏ.ਸੀ.ਐੱਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐੱਲ. ਲਿਮ. ਵਿਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਜਸਟਿਸ (ਸੇਵਾਮੁਕਤ) ਆਰ.ਐੱਮ. ਲੋਢਾ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐੱਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ‘ਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।

Leave a comment