-ਬਠਿੰਡਾ ਦੀ ਅਦਾਲਤ ਨੇ ਸਾਬਕਾ ਮੰਤਰੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ
ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸਬੰਧੀ ਰਾਜ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਗ੍ਰਿਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਸਾਬਕਾ ਮੰਤਰੀ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਬਠਿੰਡਾ ਵਿਜੀਲੈਂਸ ਬਿਊਰੋ ਦੇ ਐੱਸ.ਐੱਸ.ਪੀ. ਹਰਪਾਲ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਬਾਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਸਨ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਐਤਵਾਰ ਰਾਤ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਵਿਚ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਦੌਰਾਨ ਬਠਿੰਡਾ ਦੀ ਵਧੀਕ ਚੀਫ ਜੁਡੀਸ਼ਲ ਮੈਜਿਸਟ੍ਰੇਟ ਸ੍ਰੀਮਤੀ ਦਲਜੀਤ ਕੌਰ ਨੇ ਥਾਣਾ ਅਫ਼ਸਰ ਵਿਜੀਲੈਂਸ ਨੂੰ ਇੰਡੀਅਨ ਪੈਨਲ ਕੋਡ ਦੀ ਧਾਰਾ 420, 409, 467, 471,120ਬੀ ਤਹਿਤ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ।