#PUNJAB

ਵਿਦਵਾਨਾਂ ਕੋਲੋਂ ਰਾਇ ਲੈਣ ਮਗਰੋਂ ਸੁਖਬੀਰ ਤੇ ਹੋਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰੋਧੀ ਧੜੇ ਦੇ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਵੱਲੋਂ ਹੋਣ ਵਾਲੀ ਕਾਰਵਾਈ ਫਿਲਹਾਲ ਪਛੜ ਗਈ ਹੈ। ਹੁਣ ਇਸ ਸਬੰਧੀ ਅਗਲਾ ਕੋਈ ਵੀ ਫੈਸਲਾ ਸਿੰਘ ਸਾਹਿਬਾਨ ਵੱਲੋਂ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦਾ ਇਕੱਠ ਸੱਦ ਕੇ ਉਨ੍ਹਾਂ ਦੀ ਰਾਇ ਲੈਣ ਮਗਰੋਂ ਕੀਤਾ ਜਾਵੇਗਾ। ਇਹ ਖੁਲਾਸਾ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਬਾਹਰੀ ਤਾਕਤ ਦਾ ਕੋਈ ਪ੍ਰਭਾਵ ਨਹੀਂ ਹੈ। ਅਜਿਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ। ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਮਾਮਲਾ ਵਿਚਾਰ ਕੇ ਕਾਰਵਾਈ ਕੀਤੀ ਜਾਵੇਗੀ ।