ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ 5 ਸੀਨੀਅਰ ਆਗੂਆਂ ਵੱਲੋਂ ਅਸਤੀਫ਼ਾ

196
Share

ਮੋਹਾਲੀ, 1 ਜਨਵਰੀ (ਪੰਜਾਬ ਮੇਲ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਦਰਅਸਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਕੰਵਲਜੀਤ ਸਿੰਘ ਬਿੱਟਾ, ਕੌਮੀ ਸਕੱਤਰ ਅਮਰਜੀਤ ਸਿੰਘ ਸੰਧੂ ਮੁਕਤਸਰ, ਕੌਮੀ ਜਥੇਬੰਦਕ ਸੁਖਵਿੰਦਰ ਸਿੰਘ ਦੀਨਾਨਗਰ, ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਅਤੇ ਵਰਕਿੰਗ ਕਮੇਟੀ ਮੈਂਬਰ ਰਵਿੰਦਰਪਾਲ ਸਿੰਘ ਢਿੱਲੋਂ (ਮੁਕਤਸਰ) ਨੇ ਆਪਣੇ-ਆਪਣੇ ਅਹੁਦੇ ਤੋਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਅਸਤੀਫ਼ਾ ਸੌਂਪ ਦਿੱਤਾ।
ਅਸਤੀਫ਼ਾ ਦਿੰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਨਾਲ ਚੋਣ ਗਠਜੋੜ ਪਾਰਟੀ ਦੇ ਬਹੁਗਿਣਤੀ ਵਿਰੋਧ ਦੇ ਬਾਵਜੂਦ ਕੀਤਾ ਹੈ ਕਿਉਂਕਿ ਪਾਰਟੀ ਦੇ ਅਨੇਕਾਂ ਸੀਨੀਅਰ ਆਗੂ, ਜਿਨ੍ਹਾਂ ਵਿਚ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਆਦਿ ਸ਼ਾਮਲ ਹਨ, ਪਹਿਲਾਂ ਹੀ ਪਾਰਟੀ ਛੱਡ ਗਏ ਹਨ। ਅਜਿਹੇ ਹਾਲਾਤ ਵਿਚ ਸਾਨੂੰ ਇਹ ਸਮਝੌਤਾ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਿਆਸੀ ਭਵਿੱਖ ਦਾ ਫ਼ੈਸਲਾ ਜਨਵਰੀ ਦੇ ਪਹਿਲੇ ਹਫ਼ਤੇ ਲੈਣਗੇ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫ਼ੈਸਲਾ ਲੈਣਗੇ, ਉਹ ਖ਼ਾਲਸਾ ਪੰਥ ਅਤੇ ਪੰਜਾਬ ਦੇ ਹਿੱਤ ਵਿਚ ਹੋਵੇਗਾ।
ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਜਾ ਰਹੇ ਹਨ। ਹੁਣ ਤਿੰਨਾਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰੀ ਸੀਟਾਂ ’ਤੇ ਭਾਜਪਾ ਅਤੇ ਪੇਂਡੂ ਖੇਤਰ ਦੀਆਂ ਵਿਧਾਨ ਸਭਾ ਸੀਟਾਂ ’ਤੇ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਪਣੇ ਉਮੀਦਵਾਰ ਉਤਾਰੇਗੀ। ਫ਼ਿਲਹਾਲ ਇਹ ਸਪੱਸ਼ਟ ਨਹੀਂ ਹੋ ਪਾਇਆ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ।

Share