ਕੈਬਨਿਟ ਮੰਤਰੀ ਵੱਲੋਂ ਬਜਟ ਸੈਸ਼ਨ ਦੌਰਾਨ ਰਾਜਪਾਲ ਦਾ ਭਾਸ਼ਣ
ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਬਾਰੇ ਜਾਣੂੰ ਕਰਵਾਉਣ ਲਈ ਵਿਧਾਨ ਸਭਾ ਦੀ ਕਾਰਵਾਈ ਸੰਕੇਤਕ ਭਾਸ਼ਾ ਵਿਚ ਪ੍ਰਸਾਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦਿਵਿਆਂਗਾਂ ਦੀ ਸਹੂਲਤ ਲਈ ਸੰਕੇਤਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਵਿਆਂਗਾਂ ਦੀ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦਾ ਭਾਸ਼ਣ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਕ ਭਾਸ਼ਾ ਵਿਚ ਵੀ ਪ੍ਰਸਾਰਿਤ ਕੀਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਸਪੀਕਰ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਸਮਾਜ ਵਿਚ ਸ਼ਮੂਲੀਅਤ ਦਿਵਾਉਣ ਲਈ ਸਤੰਬਰ 2024 ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਦਿਵਸ ਮਨਾਇਆ ਗਿਆ ਸੀ। ਉਨ੍ਹਾਂ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਕ ਭਾਸ਼ਾ ਵਿਚ ਉਪਲੱਬਧ ਕਰਵਾਈ ਜਾਵੇ।
ਵਿਧਾਨ ਸਭਾ ‘ਚ ਦਿਵਿਆਂਗਾਂ ਲਈ ਸੰਕੇਤਕ ਭਾਸ਼ਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
