ਵਿਧਾਨ ਸਭਾ ਵੱਲੋਂ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪਣ ਲਈ ਮਤਾ ਪਾਸ

198

ਚੰਡੀਗੜ੍ਹ, 1 ਅਪਰੈਲ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਨੇ ਅੱਜ ਉਸ ਮਤੇ ਨੂੰ ਪਾਸ ਕਰ ਦਿੱਤਾ ਜਿਸ ਰਾਹੀਂ ਕੇਂਦਰ ਤੋਂ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਦੇ ਦੋ ਵਿਧਾਇਕਾਂ ਦੀ ਗੈਰ-ਮੌਜੂਦਗੀ ਵਿੱਚ ਪ੍ਰਸਤਾਵ ਪੇਸ਼ ਕੀਤਾ। ਇਨ੍ਹਾਂ ਵਿਧਾਇਕਾਂ ਨੇ ਮਤੇ ਖ਼ਿਲਾਫ਼ ਸਦਨ ਵਿਚੋਂ ਵਾਕਆਊਟ ਕੀਤਾ। ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪ੍ਰਸਤਾਵ ਦੇ ਸਮਰਥਨ ਵਿੱਚ ਆਏ ਅਤੇ ਕੇਂਦਰ ਦੇ ਇਸ ਕਦਮ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਕੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਸਦਨ ਨੇ ਕਈ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਵੱਲੋਂ ਸਦਨ ਵਿੱਚ ਪੇਸ਼ ਕੀਤੇ ਗਏ ਮਤੇ ਅਨੁਸਾਰ, ‘ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਦਨ ਇੱਕ ਵਾਰ ਫਿਰ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਸੌਂਪਣ ਦਾ ਮਾਮਲਾ ਕੇਂਦਰ ਕੋਲ ਰੱਖਣ ਦਾ ਸਿਫ਼ਾਰਸ਼ ਕਰਦਾ ਹੈ।’