ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਤੌਰ ‘ਤੇ ਭਾਜਪਾ/ ਆਰ.ਐੱਸ.ਐੱਸ. ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਕਿਹਾ ਹੈ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਾ ਹੋਏ, ਤਾਂ ਇਹ ਮੰਨਿਆ ਜਾਵੇਗਾ ਕਿ ਵਿਰਸਾ ਸਿੰਘ ਵਲਟੋਹਾ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਕਰ ਰਹੇ ਹਨ।