ਸ੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਨੈਤਿਕਤਾ ਦੇ ਆਧਾਰ ‘ਤੇ ਮੰਗਿਆ ਅਸਤੀਫਾ
ਅੰਮ੍ਰਿਤਸਰ, 17 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਿਵਾਦਿਤ ਵੀਡੀਓ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਤੋਂ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗ ਪਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੁੱਜੀਆਂ ਸ਼ਿਕਾਇਤਾਂ ਦੀ ਗੰਭੀਰਤਾ ਨੂੰ ਵੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੇਸ਼ ਦੀਆਂ ਨਾਮੀ ਲੈਬ ਤੋਂ ਕਰਵਾਈ ਜਾਂਚ ਵਿਚ ਵੀਡੀਓ ਅਸਲ ਸਾਬਤ ਹੋਏ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਮਰਿਆਦਾ ਵਾਲਾ ਹੈ। ਹੁਣ ਜਦੋਂ ਜਾਂਚ ਦੌਰਾਨ ਇਹ ਵੀਡੀਓ ਅਸਲ ਅਤੇ ਪ੍ਰਮਾਣਿਕ ਸਾਬਤ ਹੋਈ ਹੈ, ਤਾਂ ਨੈਤਿਕਤਾ ਦੇ ਆਧਾਰ ‘ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਰੰਗਤ ਦੇਣ ਦੀ ਬਜਾਏ ਸੱਚਾਈ ਅਤੇ ਜਵਾਬਦੇਹੀ ਦੇ ਅਸੂਲਾਂ ਦੇ ਆਧਾਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਤੋਂ ਉੱਚ ਨੈਤਿਕ ਮਾਪਦੰਡਾਂ ਦੀ ਉਮੀਦ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਪੰਥਕ ਮਰਿਆਦਾ ਅਨੁਸਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ ਅਤੇ ਹਰ ਆਦੇਸ਼ ‘ਤੇ ਡੱਟ ਕੇ ਪਹਿਰਾ ਦੇਵੇਗੀ।
ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇੱਕ ਕਥਿਤ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਵਿਰੋਧੀ ਐਲਾਨਣਾ ਪੰਜਾਬ ਦੇ ਇਤਿਹਾਸ ਵਿਚ ਇੱਕ ਬਹੁਤ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਇਸ ਦੀਆਂ ਪ੍ਰੰਪਰਾਵਾਂ ਅਤੇ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬਿਨਾਂ ਕਿਸੇ ਦੇਰੀ ਦੇ ਨੈਤਿਕ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੇਸ਼ ਦੀ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਦੀ ਦਸ ਗੁਰੂ ਸਾਹਿਬਾਨ ਦੀ ਤਸਵੀਰ ਦੀ ਬੇਅਦਬੀ ਨਾਲ ਸਬੰਧਿਤ ਵਿਵਾਦਿਤ ਵੀਡੀਓ ਦੇ ਸਹੀ ਪਾਏ ਜਾਣ ਦਾ ਖੁਲਾਸਾ ਕੀਤਾ। ਇਸ ਤੋਂ ਬਾਅਦ ਭਗਵੰਤ ਮਾਨ ਕੋਲ ਮੁੱਖ ਮੰਤਰੀ ਅਤੇ ਵਿਧਾਇਕ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ, ਸਮਾਜਿਕ ਜਾਂ ਰਾਜਨੀਤਕ ਅਧਿਕਾਰ ਨਹੀਂ ਰਹਿ ਜਾਂਦਾ।
ਉਨ੍ਹਾਂ ਕਿਹਾ ਕਿ ਜੇਕਰ ਇੱਕ ਆਮ ਨਾਗਰਿਕ ਅਜਿਹੇ ਦੋਸ਼ਾਂ ਲਈ ਕਾਨੂੰਨ ਦੇ ਘੇਰੇ ਵਿਚ ਆ ਸਕਦਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ।
ਵਿਵਾਦਤ ਵੀਡੀਓ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਨੇ ਜ਼ੋਰ ਫੜਿਆ

