ਵੈਨਕੂਵਰ ਵਿਚਾਰ ਮੰਚ ਵੱਲੋਂ ਸ਼ਹੀਦ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

271
Share

ਸਰੀ, 31 ਮਾਰਚ (ਹਰਦਮ ਮਾਨ/ਪੰਜਾਬ ਮੇਲ)ਸ਼ਹੀਦ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਵੈਨਕੂਵਰ ਵਿਚਾਰ ਮੰਚ ਵੱਲੋਂ ਜਰਨੈਲ ਸਿੰਘ ਆਰਟ ਗੈਲਰੀ ਅਤੇ ਗੁਰਦੀਪ ਆਰਟ ਅਕੈਡਮੀ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਜਰਨੈਲ ਸਿੰਘ ਆਰਟਿਸਟ ਦੇ ਸਵਾਗਤੀ ਸ਼ਬਦਾਂ ਨਾਲ ਹੋਇਆ। ਉਪਰੰਤ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਯਾਦ ਕਰਦਿਆਂ ਡਾ. ਗੁਰਵਿੰਦਰ ਸਿੰਘ ਧਾਲੀਵਾਨ ਨੇ ਕਿਹਾ ਕਿ ਉਹ ਬਹੁਤ ਹੀ ਸੂਝਵਾਨ ਲੀਡਰਬੁਲੰਦ ਆਵਾਜ਼ ਦੇ ਮਾਲਕ ਅਤੇ ਦੂਰ -ਅੰਦੇਸ਼ ਆਗੂ ਸਨ ਜਿਨ੍ਹਾਂ ਨੇ ਬ੍ਰਿਟਿਸ਼ ਬਸਤੀਵਾਦ ਅਤੇ ਅੰਗਰੇਜ਼ ਸਾਮਰਾਜ ਦੀਆਂ ਬਦਨੀਤੀਆਂ ਅਤੇ ਮਨੁੱਖੀ ਅਧਿਕਾਰਾਂ ਦੇ ਘਾਣ ਵਿਰੁੱਧ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੀ ਅਗਵਾਈ ਵਿੱਚ ਕੈਨੇਡੀਅਨ ਵਫ਼ਦ ਨੇ ਅਕਤੂਬਰ 1913 ਨੂੰ ਭਾਰਤ ਦੇ ਵਾਇਸਰਾਏ ਲਾਰਡ ਹਾਰਡਿੰਗ ਨਾਲ ਮੁਲਾਕਾਤ ਕਰਕੇ ਇਮੀਗ੍ਰੇਸ਼ਨ ਦੀਆਂ ਕਾਲੀਆਂ ਨੀਤੀਆਂਨਸਲੀ ਵਿਤਕਰੇਧੱਕੇਸ਼ਾਹੀਆਂ ਅਤੇ ਜਬਰ- ਜ਼ੁਲਮ ਬਾਰੇ ਹਿੱਕ ਤਾਣ ਕੇ ਗੱਲਬਾਤ ਕੀਤੀ
ਉਹ ਕੈਨੇਡਾ ਦੇ ਪਹਿਲੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ ਸਿੰਘ ਸਨ। ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਕੈਨੇਡਾ ਦਾ ਮੁੱਢ ਬੰਨ੍ਹਦਿਆਂ ਭਾਈ ਬਲਵੰਤ ਸਿੰਘ ਖੁਰਦਪੁਰ ਨੇ ਕੈਨੇਡਾ ਅਤੇ ਉੱਤਰੀ ਅਮਰੀਕਾ ਵਿਚ ਨਾ ਸਿਰਫ ਪਹਿਲਾ ਸਿੱਖੀ ਪ੍ਰਚਾਰ ਦਾ ਕੇਂਦਰ ਹੀ ਸਥਾਪਿਤ ਕੀਤਾਬਲਕਿ ਨਸਲਵਾਦ ਅਤੇ ਬਸਤੀਵਾਦ ਖ਼ਿਲਾਫ਼ ਇਕਮੁੱਠ ਹੋ ਕੇ ਸੰਘਰਸ਼ ਦਾ ਸਾਂਝਾ ਕੇਂਦਰ ਵੀ ਸਿਰਜਿਆ। ਉਨ੍ਹਾਂ ਦੀ ਸਾਰੀ ਜ਼ਿੰਦਗੀ ਸੰਘਰਸ਼ ਭਰਪੂਰ ਰਹੀ। ਉਨ੍ਹਾਂ 1908 ਵਿੱਚ ਕੈਨੇਡਾ ਦੀ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤੀਆਂ ਨੂੰ ਇੱਥੋਂ ਕੱਢ ਕੇ ਹਾਂਡੂਰਾਸ ਭੇਜਣ ਦੀ ਸਾਜ਼ਿਸ਼ ਖ਼ਿਲਾਫ਼ ਸੰਘਰਸ਼ ਕੀਤਾ ਅਤੇ ਪ੍ਰਿੰਸੀਪਲ ਸੰਤ ਤੇਜਾ ਸਿੰਘ ਨਾਲ ਮਿਲ ਕੇ ਇਸ ਸਾਜ਼ਿਸ਼ ਨੂੰ ਨਾਕਾਮ ਕੀਤਾ। ਅੱਜ ਜੇਕਰ ਭਾਰਤੀ ਲੋਕ ਕੈਨੇਡਾ ਵਿੱਚ ਵਸੇ ਹੋਏ ਹਨ ਤਾਂ ਇਹ ਭਾਈ ਬਲਵੰਤ ਸਿੰਘ ਦੀ ਦੇਣ ਹੈ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਅਸੀਂ ਅਜਿਹੇ ਮਹਾਨ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਦੇ ਜਾ ਰਹੇ ਹਾਂ। ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਯਾਦ ਕਰਨਾ ਮੁਨਾਸਿਬ ਹੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਦੀ ਸ਼ਹਾਦਤ ਮੌਜੂਦਾ ਸਮੇਂ ਅਤੇ ਸਥਿਤੀ ਵਿੱਚ ਵੀ ਓਨੀ ਹੀ ਪ੍ਰਸੰਗਿਕ ਹੈਜਿੰਨੀ ਇੱਕ ਸਦੀ ਪਹਿਲਾਂ ਸੀ।

ਪ੍ਰਸਿੱਧ ਸ਼ਾਇਰ ਮੋਹਨ ਗਿੱਲ ਨੇ ਜਰਨੈਲ ਸਿੰਘ ਆਰਟਿਸਟ ਵੱਲੋਂ ਗ਼ਦਰੀ ਯੋਧਿਆਂ ਦੇ ਚਿਤਰ ਬਣਾ ਕੇ ਅਤੇ ਗੁਰਦੁਆਰਾ ਸਿੰਘ ਸਭਾ ਸਰੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਚ ਪ੍ਰਦਰਸ਼ਿਤ ਕਰਨ ਅਤੇ ਇਸ ਤਰ੍ਹਾਂ ਨਵੀਂ ਪੀੜ੍ਹੀ ਤੱਕ ਮਾਨਮੱਤੇ ਇਤਿਹਾਸ ਨੂੰ ਪਹੁੰਚਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ। ਗੁਰਦੁਆਰਾ ਸਿੰਘ ਸਭਾ ਸਰੀ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਨਿੱਝਰ ਨੇ ਵੈਨਕੂਵਰ ਵਿਚਾਰ ਮੰਚ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਅਪ੍ਰੈਲ 2022 (ਐਤਵਾਰ) ਨੂੰ ਗੁਰਦੁਆਰਾ ਸਿੰਘ ਸਭਾ ਸਰੀ ਵਿਖੇ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਦੂਜੇ ਆਗੂ ਗੁਰਮੀਤ ਸਿੰਘ ਧਾਲੀਵਾਲ ਨੇ ਭਾਈ ਬਲਵੰਤ ਸਿੰਘ ਦੇ ਜੀਵਨ ਉਪਰ ਡਾਕੂਮੈਂਟਰੀ ਬਣਾਉਣ ਦੀ ਤਜਵੀਜ਼ ਪੇਸ਼ ਕੀਤੀ। ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਪ੍ਰਿੰਸੀਪਲ ਹਰਚਰਨ ਸਿੰਘ ਪੂਨੀਆਂ, ਅਮਰਪਾਲ ਸਿੰਘ ਅਤੇ ਹਰਦਮ ਸਿੰਘ ਮਾਨ ਨੇ ਮਹਾਨ ਸ਼ਹੀਦ ਬਲਵੰਤ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਿੰਤ ਕੀਤੇ।


Share