ਸੈਕਰਾਮੈਂਟੋ, 29 ਦਸੰਬਰ (ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ, ਸੈਕਰਾਮੈਂਟੋ ਵੱਲੋਂ ਗਦਰੀ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਫਾਊਂਡੇਸ਼ਨ ਦੇ ਮੈਂਬਰਾਂ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਨੇ ਇਥੇ ਹਾਜ਼ਰੀ ਭਰੀ। ਇਸ ਮੌਕੇ ਬੋਲਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਗੁਲਿੰਦਰ ਸਿੰਘ ਗਿੱਲ ਨੇ ਸਮੂਹ ਸਰੋਤਿਆਂ ਦੇ ਇਥੇ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਫਾਊਂਡੇਸ਼ਨ ਦੇ ਸਰਪ੍ਰਸਤ ਚਰਨ ਸਿੰਘ ਜੱਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਇਕ ਇਨਕਲਾਬੀ ਲਹਿਰ ਸਨ। ਸਾਨੂੰ ਉਨ੍ਹਾਂ ਦੇ ਵਿਚਾਰਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਦੇ ਇਤਿਹਾਸ ਸਾਂਭਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।
