ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ

37
Share

-ਕੌਮਾਂਤਰੀ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ 14 ਸਾਲ ਪੁਰਾਣਾ ਵਿਵਾਦ ਆਖ਼ਰਕਾਰ ਹੋਇਆ ਖ਼ਤਮ
ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਕੌਮਾਂਤਰੀ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ 14 ਸਾਲ ਪੁਰਾਣਾ ਵਿਵਾਦ ਆਖ਼ਰਕਾਰ ਖ਼ਤਮ ਹੋ ਗਿਆ ਹੈ। ਹੁਣ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਹੋਵੇਗਾ। ਸਿਵਲ ਐਵੀਏਸ਼ਨ ਨੇ ਸੱਦੇ ’ਚ ਚੰਡੀਗੜ੍ਹ ਦਾ ਨਾਮ ਵੀ ਸ਼ਾਮਲ ਕੀਤਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਮਕਰਣ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕਰੇਗਾ। ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ ਨੂੰ ਹੋਇਆ ਸੀ। ਇਹੀ ਕਾਰਣ ਹੈ ਕਿ ਸਿਵਲ ਏਵੀਏਸ਼ਨ ਵਲੋਂ ਇਸ ਦਿਨ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਰੱਖਿਆ ਜਾ ਰਿਹਾ ਹੈ।
ਪਹਿਲੀ ਵਾਰ 25 ਮਾਰਚ, 2008 ਨੂੰ, ਪੰਜਾਬ ਵਿਧਾਨ ਸਭਾ ’ਚ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਚੰਡੀਗੜ੍ਹ ਦਾ ਨਾਮ ਸ਼ਹੀਦ ਸ. ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ, ਮੋਹਾਲੀ ਰੱਖਣ ਦਾ ਇੱਕ ਅਣਅਧਿਕਾਰਤ ਮਤਾ ਪਾਸ ਕੀਤਾ ਗਿਆ ਸੀ। ਹਰਿਆਣਾ ਵਿਧਾਨ ਸਭਾ ਨੇ 28 ਜੂਨ, 2010 ਅਤੇ 16 ਸਤੰਬਰ, 2010 ਤੱਕ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਚੰਡੀਗੜ੍ਹ ਦਾ ਨਾਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਰੱਖਣ ਦਾ ਪ੍ਰਸਤਾਵ ਵੀ ਰੱਖਿਆ। ਅਜਿਹੇ ’ਚ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਸ. ਭਗਤ ਸਿੰਘ ਦੇ ਨਾਮ ’ਤੇ ਸਹਿਮਤ ਹਨ ਪਰ ਪੰਜਾਬ ਸਰਕਾਰ ਨਾਮ ’ਚ ਮੋਹਾਲੀ ਰੱਖਣਾ ਚਾਹੁੰਦੀ ਸੀ। ਇੰਨਾ ਹੀ ਨਹੀਂ, 18 ਮਾਰਚ, 2016 ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਸਿਵਲ ਏਅਰ ਟਰਮੀਨਲ ਦਾ ਨਾਮ ਸ਼ਹੀਦ ਭਗਤ ਸਿੰਘ ਏਅਰਪੋਰਟ ਚੰਡੀਗੜ੍ਹ ਰੱਖਣ ਦੇ ਪ੍ਰਸਤਾਵ ’ਤੇ ਦੁਬਾਰਾ ਵਿਚਾਰ ਕੀਤਾ ਜਾਵੇ।
ਇਸ ਸਬੰਧੀ ਹਰਿਆਣਾ ਵਿਧਾਨ ਸਭਾ ਨੇ 8 ਅਪ੍ਰੈਲ 2016 ਨੂੰ ਵਿਧਾਨ ਸਭਾ ’ਚ ਮਤਾ ਪਾਸ ਕਰ ਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਲਿਖ ਕੇ ਨਵੇਂ ਸਿਵਲ ਏਅਰ ਟਰਮੀਨਲ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਦੇ ਨਾਂ ’ਤੇ ਰੱਖਣ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਲੇ ਤੱਕ ਇਸ ਸਬੰਧੀ ਕੋਈ ਮਤਾ ਪਾਸ ਨਹੀਂ ਕੀਤਾ। ਕੁਝ ਸਮੇਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਇਸ ਬਾਰੇ ਆਖ਼ਰੀ ਫ਼ੈਸਲਾ ਲੈਣਗੇ ਅਤੇ ਮੋਹਾਲੀ-ਚੰਡੀਗੜ੍ਹ ਦੋਵਾਂ ਨੂੰ ਇਕੱਠੇ ਰੱਖਦਿਆਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਪਰ ਫਿਰ ਮਾਮਲਾ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ। ਹੁਣ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਹੋਵੇਗਾ।

Share