ਸ੍ਰੀ ਮੁਕਤਸਰ ਸਾਹਿਬ, 9 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਹਨ ਅਤੇ ਡਾਕਟਰ ਵੱਲੋਂ ਲਿਖੀ ਦਵਾਈ ਖਰੀਦਣ ਤੋਂ ਵੀ ਅਸਮਰਥ ਹਨ। ਇਨ੍ਹਾਂ ਵੱਲੋਂ ਅਪਣੇ ਇਲਾਜ ਲਈ ਡਾਕਟਰ ਓਬਰਾਏ ਨੂੰ ਅਰਜ਼ੀਆਂ ਦਿੱਤੀਆਂ ਗਈਆਂ ਸਨ, ਤਾਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦਿੱਤੀ ਗਈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਇਨ੍ਹਾਂ ਨੂੰ ਚੈੱਕ ਰਾਹੀਂ ਅਦਾਇਗੀ ਕੀਤੀ ਗਈ। ਇਸ ਮੌਕੇ ਇਨ੍ਹਾਂ ਲੋੜਵੰਦ ਮਰੀਜ਼ਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਾਸਟਰ ਰਜਿੰਦਰ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ
