#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾਉਂਦਿਆਂ ਬਿਨਾਂ ਕਿਸੇ ਭੇਦ-ਭਾਵ ਦੇ ਮਨੁੱਖਤਾ ਦੀ ਭਲਾਈ ਜਾਰੀ ਹੈ। ਕਿਸੇ ਵੀ ਗਰੀਬ ਆਦਮੀ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ, ਤਾਂ ਡਾ. ਉਬਰਾਏ ਉੱਥੇ ਮਸੀਹਾ ਬਣ ਕੇ ਪਹੁੰਚਦੇ ਹਨ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ 10 ਅਤਿ ਗ਼ਰੀਬ ਵੱਖ-ਵੱਖ ਭਿਆਨਕ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਦੀ ਡਾ. ਉਬਰਾਏ ਵਲੋਂ ਬਾਂਹ ਫੜੀ ਹੋਈ ਹੈ। ਸਮੇਂ-ਸਮੇਂ ਡਾਕਟਰ ਦੀ ਸਲਾਹ ਅਨੁਸਾਰ ਇਨ੍ਹਾਂ ਦੀ ਵਿੱਤੀ ਮਦਦ ਕੀਤੀ ਜਾਂਦੀ ਹੈ। ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਨ੍ਹਾਂ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਦਸ ਹਜ਼ਾਰ ਰੂਪੈ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਉਪਰੰਤ ਇਨ੍ਹਾਂ ਬਿਮਾਰ ਵਿਅਕਤੀਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਕਿ ਲੰਮੇ ਸਮੇਂ ਤੋਂ ਇਲਾਜ ਕਰਵਾਉਣ ਉਪਰੰਤ ਸਾਡੀ ਮਾਲੀ ਹਾਲਾਤ ਬਹੁਤ ਹੀ ਮਾੜੀ ਹੋ ਗਈ ਸੀ ਪਰ ਡਾ. ਉਬਰਾਏ ਵਲੋਂ ਬਾਂਹ ਫ਼ੜਨ ਉਪਰੰਤ ਹੁਣ ਅਸੀਂ ਆਪਣਾ ਇਲਾਜ ਕਰਵਾ ਰਹੇ ਹਾਂ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਹ ਰਾਸ਼ੀ ਡਾ. ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਗੁਰਜੀਤ ਸਿੰਘ ਜੀਤਾ, ਸੋਮਨਾਥ, ਰਣਧੀਰ ਸਿੰਘ ਕੈਨੇਡਾ, ਬਰਨੇਕ ਸਿੰਘ, ਗੁਰਪਾਲ ਸਿੰਘ, ਜਤਿੰਦਰ ਸਿੰਘ ਕੈਂਥ ਕੈਨੇਡਾ, ਅਸ਼ੋਕ ਕੁਮਾਰ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।