ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਦੇਸ਼ ਭਰ ਵਿਚ ਲੋੜਵੰਦ ਵਿਦਿਆਰਥੀਆਂ ਦੀ ਵੱਡੀ ਪੱਧਰ ‘ਤੇ ਮਦਦ ਕੀਤੀ ਜਾ ਰਹੀ ਹੈ, ਤਾਂ ਜੋ ਇਹ ਵਿਦਿਆਰਥੀ ਆਪਣਾ ਪੜ੍ਹਾਈ ਦਾ ਸੁਪਨਾ ਪੂਰਾ ਕਰ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੜ੍ਹਾਈ ਕਰ ਰਹੇ ਤਿੰਨ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ 27000 ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਅਕਸਰ ਦੇਖਣ ਵਿਚ ਆਇਆ ਕਿ ਕਈ ਵਿਦਿਆਰਥੀ ਪੜ੍ਹਾਈ ਵਿਚ ਹੁਸ਼ਿਆਰ ਹੁੰਦੇ ਹਨ, ਪੜ੍ਹਾਈ ਜਾਰੀ ਵੀ ਰੱਖਣਾ ਚਾਹੁੰਦੇ ਹਨ ਪਰ ਘਰੇਲੂ ਹਾਲਾਤ ਇਸ ਦੀ ਇਜਾਜ਼ਤ ਨਹੀਂ ਦਿੰਦੇ, ਪਰ ਇਨ੍ਹਾਂ ਹਾਲਤਾਂ ਵਿਚ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਅਜਿਹੇ ਵਿਦਿਆਰਥੀਆਂ ਦੀ ਬਾਂਹ ਫੜੀ ਜਾਂਦੀ ਹੈ। ਪਿਛਲੇ ਸਮੇਂ ਵਿਚ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਇੱਕ ਹੋਰ ਇਤਿਹਾਸਕ ਫੈਸਲਾ ਕੀਤਾ ਗਿਆ ਸੀ ਕਿ ਜਿਹੜੇ ਵਿਦਿਆਰਥੀਆਂ ਦੇ ਮਾਂ-ਬਾਪ ਨਹੀਂ ਹਨ, ਟਰੱਸਟ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਲਈ ਹਰ ਸੰਭਵ ਮਦਦ ਕਰੇਗਾ।
ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਸਮਰੱਥ ਹੋ ਗਏ ਹਾਂ। ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵੀ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਲਾ ਖੱਪਿਆਂਵਾਲ਼ੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ. ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਵਿੱਤੀ ਸਹਾਇਤਾ

