#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਈਆਂ Final ਪ੍ਰੀਖਿਆਵਾਂ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ, ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 7 ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਕੰਪਿਊਟਰ, ਬਿਊਟੀ ਪਾਰਲਰ) ਸੈਂਟਰ ਮੈਡਮ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਚੱਲ ਰਹੇ ਹਨ।
ਇਸ ਤੋਂ ਪਹਿਲਾਂ ਸੈਂਕੜਿਆਂ ਦੀ ਗਿਣਤੀ ਵਿਚ ਇਨ੍ਹਾਂ ਮੁਫ਼ਤ ਸਿਖਲਾਈ ਸੈਂਟਰਾਂ ਤੋਂ ਸਿੱਖਿਆ ਲੈ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ ਅਤੇ ਆਪਣੇ-ਆਪਣੇ ਕੰਮਾਂ ਵਿਚ ਰੁੱਝੇ ਹੋਣ ਕਾਰਨ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ।
ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਬਿਊਟੀ ਪਾਰਲਰ ਸੈਂਟਰ ਅਤੇ ਗੁਰਦੁਆਰਾ ਸਾਹਿਬ ਪਿੰਡ ਰਾਮਗੜ੍ਹ ਵਿਚ ਚੱਲ ਰਹੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦੇ ਪੇਪਰ ਲਏ ਗਏ ਅਤੇ ਅਗਲੇ ਸੈਸ਼ਨ ਦੀ ਸ਼ੁਰੂਆਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ।
ਇਹ ਪ੍ਰੀਖਿਆਵਾਂ ਪ੍ਰਿੰਸੀਪਲ ਬਿੰਦਰ ਪਾਲ ਕੌਰ, ਆਸ਼ਾ ਰਾਣੀ ਪ੍ਰਾਇਮਰੀ ਮੁੱਖ ਅਧਿਆਪਕਾ ਸਰਵਹਿੱਤਕਾਰੀ ਵਿੱਦਿਆ ਮੰਦਰ, ਮੈਡਮ ਵੀਰਪਾਲ ਕੌਰ ਸਿਲਾਈ ਸਿਖਲਾਈ ਅਧਿਆਪਕਾ ਆਦਿ ਦੀ ਅਗਵਾਈ ਵਿਚ ਲਈਆਂ ਗਈਆਂ ਹਨ ਅਤੇ ਅਖੀਰ ਵਿਚ ਪ੍ਰਿੰਸੀਪਲ ਬਿੰਦਰ ਪਾਲ ਕੌਰ ਵਲੋਂ ਸਿਖਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।