ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਵੱਡੀ ਗਿਣਤੀ ਵਿਚ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਚ ਬੂਟਿਆਂ ਦਾ ਲੰਗਰ ਲਗਾਇਆ ਗਿਆ, ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਅੱਜ ਤੋਂ ਬਹੁਤ ਹੀ ਪਹਿਲਾਂ ਲੋਕਾਈ ਨੂੰ ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਅੱਜ ਇਹ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੁਖਦੇਵ ਸਿੰਘ ਮੀਤ ਮੈਨੇਜਰ ਅਤੇ ਸੁਮੇਰ ਸਿੰਘ ਸਾਬਕਾ ਮੈਨੇਜਰ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਗੁਰਪਾਲ ਸਿੰਘ ਪਾਲੀ ਨੇ ਦੱਸਿਆ ਕਿ ਇਸ ਲੰਗਰ ਦੌਰਾਨ ਸੰਗਤਾਂ ਵੱਲੋਂ ਬਹੁਤ ਹੀ ਵੱਡੀ ਗਿਣਤੀ ਵਿਚ ਬੂਟਿਆਂ ਦਾ ਲੰਗਰ ਗ੍ਰਹਿਣ ਕੀਤਾ ਗਿਆ ਅਤੇ ਬੂਟਿਆਂ ਨੂੰ ਲਗਾ ਕੇ, ਪਾਲ-ਪੋਸ ਕੇ ਵੱਡਾ ਕਰਨ ਦਾ ਵਾਅਦਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਅਸ਼ੋਕ ਕੁਮਾਰ, ਸੋਮ ਨਾਥ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਮਾਸਟਰ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਲਗਾਇਆ ਬੂਟਿਆਂ ਦਾ ਲੰਗਰ

