#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਪ 2 ਮਾਰਚ ਨੂੰ

ਦਵਾਈਆਂ ਅਤੇ ਐਨਕਾਂ ਦਾ ਖੁੱਲ੍ਹਾ ਲੰਗਰ
ਸ੍ਰੀ ਮੁਕਤਸਰ ਸਾਹਿਬ, 29 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 638ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪਿੰਡ ਕਾਨਿਆਂ ਵਾਲੀ (ਗੁਰਦੁਆਰਾ ਸਾਹਿਬ ਭਗਤ ਸਿੰਘ ਭੰਗੈਵਾਲਾ ਰੋਡ) ਵਿਚ 2 ਮਾਰਚ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਕੈਂਪ ਦੌਰਾਨ ਮਰੀਜ਼ਾਂ ਲਈ ਦਵਾਈਆਂ ਅਤੇ ਨੇੜੇ ਦੀਆਂ ਐਨਕਾਂ ਦਾ ਖੁੱਲ੍ਹਾ ਲੰਗਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਲਗਾਇਆ ਜਾਵੇਗਾ। ਅਪਰੇਸ਼ਨ ਡਾਕਟਰ ਦੀ ਸਲਾਹ ਅਨੁਸਾਰ ਕੀਤੇ ਜਾਣਗੇ। ਅੱਖਾਂ ਦੀ ਜਾਂਚ ਡਾਕਟਰ ਹਰਸ਼ਪ੍ਰੀਤ ਕੌਰ ਆਈ ਸਰਜਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਜਾਵੇਗੀ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਿਛਲੇ ਸਮੇਂ ਦੌਰਾਨ 25 ਦੇ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ। ਇਹ ਸੇਵਾ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹੇਗੀ।