ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਮਹਾਬੱਦਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਨੂੰ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ 270 ਵਿਧਵਾਵਾਂ, ਬੇਸਹਾਰਾ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਾ ਬੱਚਿਆਂ ਨੂੰ ਲਗਾਤਾਰ ਮਹੀਨਾਵਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 95 ਦੇ ਕਰੀਬ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਮੁਫ਼ਤ ਆਰ.ਓ. ਸਿਸਟਮ ਲਗਾਏ ਗਏ ਹਨ, ਆਰਥਿਕ ਤੌਰ ‘ਤੇ ਕਮਜ਼ੋਰ ਪੜ੍ਹਾਈ ਵਿਚ ਹੁਸ਼ਿਆਰ ਬੱਚਿਆਂ ਦੀ ਬਹੁਤ ਵੱਡੀ ਗਿਣਤੀ ਵਿਚ ਮਦਦ ਕੀਤੀ ਜਾ ਰਹੀ ਹੈ, ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਪਿੰਡਾਂ ਵਿਚ ਮੁਫ਼ਤ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ, ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਅਤੇ ਗਿਦੜਬਾਹਾ ਦੇ ਸਰਕਾਰੀ ਹਸਪਤਾਲ ਵਿਚ ਮੁਫ਼ਤ ਡਾਇਲਸਿਸ ਮਸ਼ੀਨਾਂ ਦਿੱਤੀਆਂ ਗਈਆਂ ਹਨ, ਆਧੁਨਿਕ ਤਕਨੀਕਾਂ ਨਾਲ ਲੈਸ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਖੋਲ੍ਹ ਕੇ ਲੋਕਾਂ ਨੂੰ ਬਹੁਤ ਹੀ ਘੱਟ ਰੇਟਾਂ ‘ਤੇ ਬਲੱਡ ਟੈਸਟ ਕੀਤੇ ਜਾ ਰਹੇ ਹਨ, ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਮੁਫ਼ਤ ਸਿਖਲਾਈ ਸੈਂਟਰ ਖੋਲ੍ਹ ਕੇ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕਾਰਵਾਈਆਂ ਨੂੰ ਦੇਖਦੇ ਹੋਏ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਮੁਕਤਸਰ ਸਾਹਿਬ ਟੀਮ ਰਾਹੀਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਸਨਮਾਨ ਕੀਤਾ ਗਿਆ ਹੈ ਅਤੇ ਡਾਕਟਰ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਮੈਡਮ ਕਰਮਜੀਤ ਕੌਰ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਸੋਮਨਾਥ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟੀਮ ਸਨਮਾਨਿਤ
