ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 265 ਲੋੜਵੰਦ ਪਰਿਵਾਰਾਂ ਨੂੰ ਮਹੰਤ ਕਸ਼ਮੀਰ ਸਿੰਘ ਅਤੇ ਸਮਾਜਸੇਵੀ ਮਿੱਕਲ ਬਜਾਜ ਦੀ ਹਾਜ਼ਰੀ ਵਿਚ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਬੇਸਹਾਰਾ ਵਿਧਵਾਵਾਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾ ਚੁੱਕੇ ਇਕੱਲੇ ਰਹਿ ਰਹੇ ਬੇਸਹਾਰਾ ਨੂੰ ਦਿੱਤੀ ਗਈ। ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਮੌਕੇ ਮਹੰਤ ਕਸ਼ਮੀਰ ਸਿੰਘ ਅਤੇ ਮਿੱਕਲ ਬਜਾਜ ਵੱਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾ. ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਪਰਮਜੀਤ ਕੌਰ ਬਰਾੜ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਭੋਣ, ਮਾਸਟਰ ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦਿੱਤੀ 265 ਲੋੜਵੰਦਾਂ ਨੂੰ ਸਹਾਇਤਾ ਰਾਸ਼ੀ
