ਸਰਬੱਤ ਦਾ ਭਲਾ ਟਰੱਸਟ ਵੱਲੋਂ 3 ਲੋੜਵੰਦ ਵਿਦਿਆਰਥੀਆਂ ਦੀ 50 ਹਜ਼ਾਰ ਫ਼ੀਸ ਅਦਾ

389
ਟਰੱਸਟ ਵੱਲੋਂ 3 ਵਿਦਿਆਰਥੀਆਂ ਦੀ ਫ਼ੀਸ ਦੇ ਚੈੱਕ ਦੇਣ ਮੌਕੇ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਨਵਜੀਤ ਘਈ, ਸ਼ਿਸ਼ਪਾਲ ਲਾਡੀ ਨਾਲ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਤੇ ਹੋਰ।
Share

-ਹੁਸ਼ਿਆਰ ਵਿਦਿਆਰਥੀਆਂ ਦੀ ਉੱਨਤੀ ‘ਚ ਰੁਕਾਵਟ ਨਹੀਂ ਆਉਣ ਦੇਵਾਂਗੇ : ਡਾ. ਓਬਰਾਏ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਮੇਲ)- ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ 3 ਹੁਸ਼ਿਆਰ ਪਰ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੇ ਵੱਖ-ਵੱਖ ਸਮੈਸਟਰਾਂ ਦੀ ਪੰਜਾਹ ਹਜ਼ਾਰ ਰੁਪਏ ਫੀਸ ਕਾਲਜ ਪ੍ਰਬੰਧਕਾਂ ਨੂੰ ਅਦਾ ਕੀਤੀ ਗਈ।
ਉਕਤ ਵਿਦਿਆਰਥੀਆਂ ਦੀ ਫ਼ੀਸ ਦੇ ਚੈੱਕ ਸੌਂਪਣ ਪੁੱਜੇ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਆਪਣੇ ਸੁਨੇਹੇ ‘ਚ ਕਿਹਾ ਹੈ ਕਿ ਟਰੱਸਟ, ਮੈਰਿਟ ‘ਚ ਰਹਿਣ ਵਾਲੇ ਲੋੜਵੰਦ ਵਿਦਿਆਰਥੀਆਂ ਦੀ ਹਰ ਵੇਲੇ ਮਦਦ ਲਈ ਤਿਆਰ ਹੈ, ਤਾਂ ਜੋ ਉਨ੍ਹਾਂ ਦੀ ਆਰਥਿਕ ਮੰਦਹਾਲੀ ਉਨ੍ਹਾਂ ਦੀ ਉੱਨਤੀ ਦੇ ਰਸਤੇ ਵਿਚ ਰੁਕਾਵਟ ਨਾ ਬਣ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਆਪਣੇ ਟੀਚੇ ਪ੍ਰਾਪਤ ਕਰਕੇ ਸਮਾਜ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੁਨੇਹਾ ਵੀ ਦਿੱਤਾ। ਸਰਬੱਤ ਦਾ ਭਲਾ ਟਰੱਸਟ ਦੇ ਇਸ ਵੱਡੇ ਉਪਰਾਲੇ ਲਈ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਤੋਂ ਇਲਾਵਾ ਕਾਲਜ ਸਟਾਫ਼ ਤੇ ਸਬੰਧਿਤ ਵਿਦਿਆਰਥੀਆਂ ਨੇ ਡਾ. ਐੱਸ.ਪੀ. ਸਿੰਘ ਓਬਰਾਏ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

 


Share