#PUNJAB

ਸ਼ਾਟ ਗੰਨ ਨਾਲ ਹੋਈ ਸੀ ਸ਼ੁਭਕਰਨ ਸਿੰਘ ਦੀ ਮੌਤ; ਜਾਂਚ ਰਿਪੋਰਟ ‘ਚ ਹੋਇਆ ਖ਼ੁਲਾਸਾ

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)-ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਬਾਰਡਰ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਦੋਸ਼ ਹੈ ਕਿ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਉਸ ਦੀ ਮੌਤ ਹੋਈ ਹੈ। ਇਸ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਲਈ ਤਿੰਨ ਪੁਲਿਸ ਅਧਿਕਾਰੀਆਂ ਦੇ ਨਾਂ ਤਜਵੀਜ਼ ਕਰਨ ਦੇ ਹੁਕਮ ਦਿੱਤੇ ਸਨ।
ਬੁੱਧਵਾਰ ਨੂੰ ਸਰਕਾਰ ਵੱਲੋਂ ਪ੍ਰਸਤਾਵਿਤ ਨਾਂ ‘ਤੇ ਹਾਈ ਕੋਰਟ ਨੇ ਬੀ. ਸਤੀਸ਼ ਬਾਲਨ ਪੁਲਿਸ ਕਮਿਸ਼ਨਰ ਝੱਜਰ ਨੂੰ ਇਸ ਮਾਮਲੇ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਬਣਾਉਣ ਦੇ ਹੁਕਮ ਦਿੱਤੇ। ਸੁਣਵਾਈ ਦੌਰਾਨ ਅਦਾਲਤ ‘ਚ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਬੁੱਧਵਾਰ ਨੂੰ ਸੀਲਬੰਦ ਫੋਰੈਂਸਿਕ ਰਿਪੋਰਟ ਪੇਸ਼ ਕੀਤੀ ਗਈ, ਜਿਸ ‘ਚ ਦੱਸਿਆ ਗਿਆ ਹੈ ਕਿ ਸ਼ੁਭਕਰਨ ਸਿੰਘ ਦੇ ਸਿਰ ‘ਤੇ ਸ਼ਾਟ ਗੰਨ ਦੀ ਗੋਲੀ ਦਾ ਜ਼ਖ਼ਮ ਲੱਗਦਾ ਹੈ। ਸਰਕਾਰੀ ਵਕੀਲ ਵੱਲੋਂ ਦੱਸਿਆ ਗਿਆ ਕਿ ਹਰਿਆਣਾ ਪੁਲਿਸ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ। ਇਸ ਤੋਂ ਬਾਅਦ ਅਦਾਲਤ ਨੇ ਫੋਰੈਂਸਿਕ ਰਿਪੋਰਟ ਨੂੰ ਮੁੜ ਸੀਲ ਕਰਨ ਦੇ ਹੁਕਮ ਦਿੱਤੇ ਹਨ। ਸ਼ੰਭੂ ਸਰਹੱਦ ਨੂੰ ਬੰਦ ਕਰਨ ਅਤੇ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਪੰਚਕੂਲਾ ਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਜਾਂਚ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਵੇ।